ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ
ਚੰਡੀਗੜ੍ਹ, 4 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ।
ਇਸ ਮਾਮਲੇ ਵਿਚ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਮਲੇ ’ਤੇ ਬਸਪਾ ਲੀਡਰਸ਼ਿਪ ਅਤੇ ਸੰਤ ਸਮਾਜ ਤੇ ਬੰਦੀ ਸਿੱਖ ਰਿਹਾਈ ਕਮੇਟੀ ਸਮੇਤ ਸਾਰੀਆਂ ਪੰਥਕ ਧਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਕਿ ਬੀਬਾ ਕਮਲਦੀਪ ਕੌਰ ਰਾਜੋਆਣਾ ਦੀ ਡਟਵੀਂ ਹਮਾਇਤ ਕੀਤੀ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬਾ ਰਾਜੋਆਣਾ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ। ਉਹ 6 ਜੂਨ ਨੁੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।