ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਜਗਦੀਪ ਧਨਖੜ ਨੂੰ ਦਿੱਤਾ ਸਮਰਥਨ

By  Riya Bawa August 6th 2022 02:41 PM -- Updated: August 6th 2022 02:46 PM

Vice Presidential Election: ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਸੰਸਦ ਭਵਨ 'ਚ ਹੋ ਰਹੀ ਵੋਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਨੇ ਵੋਟਿੰਗ ਕੀਤੀ। ਇਸ ਦੇ ਨਾਲ ਹੀ ਓਧਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਸੰਸਦ ਭਵਨ ਪਹੁੰਚੇ ਅਤੇ ਉੱਪ ਰਾਸ਼ਟਰਪਤੀ ਚੋਣ ’ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ. ਡੀ. ਏ.) ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਸਮਰਥਨ ਦਿੱਤਾ ਹੈ। Vice Presidential Election ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਇੱਕ ਕਿਸਾਨ ਦੇ ਪੁੱਤਰ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਅਤੇ ਆਪਣੇ ਰਾਜ ਵਿੱਚ ਕਿਸਾਨ ਭਾਈਚਾਰੇ (ਜਾਟਾਂ) ਲਈ ਓ.ਬੀ.ਸੀ. ਦਾ ਦਰਜਾ ਪ੍ਰਾਪਤ ਕਰਨ ਵਾਲੇ ਜਗਦੀਪ ਧਨਖੜ ਨੂੰ ਉੱਪ ਰਾਸ਼ਟਰਪਤੀ ਲਈ ਸਮਰਥਨ ਦਿੰਦਾ ਹੈ।" ਦੱਸਣਯੋਗ ਹੈ ਕਿ ਉੱਪ ਰਾਸ਼ਟਰਪਤੀ ਚੋਣਾਂ ’ਚ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੇ ਵੀ ਵੋਟ ਪਾਈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਤਿੰਦਰ ਸਿੰਘ, ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਵੈਸ਼ਣਵ, ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਰਘੂ ਰਾਮ ਕ੍ਰਿਸ਼ਨ ਰਾਜੂ ਅਤੇ ਤੇਲੰਗਾਨਾ ਰਾਸ਼ਟਰ ਕਮੇਟੀ ਦੇ ਸੰਸਦ ਮੈਂਬਰਾਂ ਨੇ ਵੀ ਵੋਟ ਪਾਈ। ਵੋਟਾਂ ਸ਼ਾਮ 5 ਵਜੇ ਤੱਕ ਪੈਣਗੀਆਂ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਉੱਪ ਰਾਸ਼ਟਰਪਤੀ ਅਹੁਦੇ ਦੀ ਚੋਣ ’ਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇ ਉਮੀਦਵਾਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਦਾ ਮੁਕਾਬਲਾ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗ੍ਰੇਟ ਅਲਵਾ ਨਾਲ ਹੈ। Vice Presidential Election ਇਹ ਵੀ ਪੜ੍ਹੋ: ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਅਦਾਲਤ 'ਚ 1200 ਪੰਨਿਆਂ ਦਾ ਚਲਾਨ ਪੇਸ਼ ਸੰਸਦ ਭਵਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਜਲਦੀ ਹੀ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਦੇਰ ਸ਼ਾਮ ਤੱਕ ਰਿਟਰਨਿੰਗ ਅਫਸਰ ਵੱਲੋਂ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। -PTC News

Related Post