ਸੰਗਰੂਰ: ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਖੋਹੇ ਗਏ ਪਾਣੀ ਤੇ ਰਾਜਧਾਨੀ: ਸਿਕੰਦਰ ਸਿੰਘ ਮਲੂਕਾ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੱਜ ਸੰਗਰੂਰ ਵਿਖੇ ਕਾਂਗਰਸ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਇਸ ਮੌਕੇ ਸਟੇਜ਼ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਆਗੂ ਮੰਚ 'ਤੇ ਵਿਰਾਜਮਾਨ ਹਨ। ਰੈਲੀ 'ਚ ਮੌਜੂਦ ਆਗੂਆਂ ਵੱਲੋਂ ਪਹੁੰਚੇ ਹੋਏ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸੂਬਾ ਸਰਕਾਰ ਦੇ ਨਾਲ-ਨਾਲ ਢੀਂਡਸਾ ਪਰਿਵਾਰ 'ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਪਿਆਰ ਤੇ ਸਤਿਕਾਰ ਮਿਲਣ ਦੇ ਬਾਵਜੂਦ ਸੁਖਦੇਵ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਠ ਦਿਖਾਈ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਚੋਣਾਂ ਹਾਰਨ 'ਤੇ ਪਾਰਟੀ ਪ੍ਰਧਾਨ ਨੂੰ ਅਹੁਦਾ ਛੱਡਣ ਲਈ ਕਹਿਣ ਤੋਂ ਪਹਿਲਾਂ ਉਹਨਾਂ ਨੂੰ ਖੁਦ ਅਸਤੀਫਾ ਦੇਣਾ ਚਾਹੀਦਾ ਸੀ। ਹੋਰ ਪੜ੍ਹੋ: ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਹੋਰ ਫੇਰਬਦਲ ਦੀਆਂ ਤਿਆਰੀਆਂ ਅੱਗੇ ਉਹਨਾਂ ਨੇ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਪਾਣੀ ਤੇ ਰਾਜਧਾਨੀ ਖੋਹੇ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਬਰਗਾੜੀ ਮਾਮਲੇ 'ਤੇ ਬੋਲਣ ਵਾਲੀਆਂ ਜਥੇਬੰਦੀਆਂ ਖਰੀਦੀਆਂ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਰੈਲੀ ‘ਚ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਹੈ, ਜਿਸ 'ਚ ਇਲਾਕੇ ਦੀਆਂ ਔਰਤਾਂ ਵੀ ਸ਼ਾਮਲ ਹਨ, ਜਿਸ ਦੀਆਂਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ ਦੇਖ ਸਕਦੇ ਹੋ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾ ਰਹੀ ਹੈ ਤੇ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ ‘ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। -PTC News