ਉਤਰਾਖੰਡ ਦੇ ਗੁਰਦੁਆਰੇ 'ਚ ਮਰਯਾਦਾ ਦੀ ਉਲੰਘਣਾ ਦੀ ਜਾਂਚ ਕਰੇਗੀ ਸ਼੍ਰੋਮਣੀ ਕਮੇਟੀ

By  Jasmeet Singh August 27th 2022 01:21 PM -- Updated: August 27th 2022 03:24 PM

ਅੰਮ੍ਰਿਤਸਰ, 26 ਅਗਸਤ: ਜਨਮ ਅਸ਼ਟਮੀ ਮੌਕੇ ਉਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਗੁਰਦੁਆਰੇ ਵਿੱਚ ਸਿੱਖ ਰਹਿਤ ਮਰਯਾਦਾ ਦੀ ਕਥਿਤ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਇਹ ਘਟਨਾ ਉਤਰਾਖੰਡ ਸਥਿਤ ਗਦਰਪੁਰ ਤਹਿਸੀਲ ਦੇ ਪਿੰਡ ਬਲਰਾਮ ਨਗਰ ਦੇ ਗੁਰਦੁਆਰੇ ਦੀ ਦੱਸੀ ਜਾ ਰਹੀ ਹੈ। ਜਿਥੇ ਇੱਕ ਕੁੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਨੱਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਕਈ ਸ਼ਿਕਾਇਤਾਂ ਵੀ ਪੁੱਜੀਆਂ ਹਨ। ਦੱਸਣਯੋਗ ਹੈ ਕਿ ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਕਥਿਤ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। 



ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਵੀ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ।



ਇਸ ਤੋਂ ਪਹਿਲਾਂ ਵੀ ਉੱਤਰਾਖੰਡ ਵਿੱਚ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ ਜਦੋਂ ਪਿਛਲੇ ਸਾਲ ਸੂਬੇ ਦੇ ਮੁੱਖ ਮੰਤਰੀ ਦੇ ਸਵਾਗਤ ਲਈ ਗੁਰਦੁਆਰੇ ਦੇ ਕੈਂਪਸ ਵਿੱਚ ਕੁੜੀਆਂ ਵੱਲੋਂ ਲੋਕ ਨਾਚ ਕੀਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਨੇ ਉਸ ਸਮੇਂ ਵੀ ਨੋਟਿਸ ਲਿਆ ਸੀ ਅਤੇ ਮਰਿਆਦਾ ਦੀ ਉਲੰਘਣਾ ਤੋਂ ਬਾਅਦ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਹਟਾ ਦਿੱਤਾ ਗਿਆ ਸੀ।


-PTC News

Related Post