ਸਿੱਧੂ ਮੂਸੇਵਾਲੇ ਦੇ ਪਰਿਵਾਰ ਦਾ ਕਹਿਣਾ 'ਕਾਨੂੰਨ ਆਪਣਾ ਕੰਮ ਕਰ ਰਿਹਾ ਜਿਸਨੇ ਜਿਹੀ ਕੀਤੀ ਵੈਸੀ ਭੁਗਤ ਰਿਹਾ'

By  Jasmeet Singh July 20th 2022 09:24 PM

ਮਾਨਸਾ, 20 ਜੁਲਾਈ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਦੇ ਵਿਚ ਜਗਰੂਪ ਰੂਪ ਅਤੇ ਮਨੂੰ ਖੋਸਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਕਨੂੰਨ ਵੱਲੋਂ ਕੀਤੀ ਜਾ ਰਹੀ ਪ੍ਰਕਿਰਿਆ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਕਾਨੂੰਨ ਅਨੁਸਾਰ ਕੀਤਾ ਜਾ ਰਿਹਾ ਹੈ ਸਹੀ ਹੈ। ਉਨ੍ਹਾਂ ਕਿਹਾ ਪਰ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਗ਼ਲਤ ਗੱਲ ਹੈ, ਜਿਸ ਕਾਰਨ ਆਮ ਬੱਚਿਆਂ 'ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। 29 ਮਈ ਨੂੰ ਪਿੰਡ ਜਵਾਹਰਕੇ ਦੇ ਵਿਚ ਸਿੱਧੂ ਮੂਸੇਵਾਲੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮਨਪ੍ਰੀਤ ਮਨੂ ਖੋਸਾ ਅਤੇ ਜਗਰੂਪ ਰੂਪਾਂ ਦਾ ਅੱਜ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਐਨਕਾਊਂਟਰ ਕਰ ਦਿੱਤਾ ਗਿਆ ਹੈ। ਜਿਸ ਦੇ ਵਿਚ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਅਤੇ ਇਨ੍ਹਾਂ ਕੋਲੋਂ ਕਈ ਖਤਰਨਾਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸਿੱਧੂ ਮੂਸੇਵਾਲੇ ਦੇ ਪਿੰਡ ਵਿੱਚ ਵੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਤੇ ਪਰਿਵਾਰ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਸਰਕਾਰ 'ਤੇ ਸਵਾਲ ਵੀ ਖੜ੍ਹੇ ਕੀਤੇ ਹਨ ਤੇ ਕਿਹਾ ਹੈ ਕਿ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਗ਼ਲਤ ਹੈ। ਸਿੱਧੂ ਮੂਸੇਵਾਲੇ ਦੇ ਤਾਇਆ ਜੀ ਵੱਲੋਂ ਵੀ ਕਾਨੂੰਨ ਵੱਲੋਂ ਕੀਤੀ ਜਾ ਰਹੀ ਪ੍ਰਕਿਰਿਆ 'ਤੇ ਬੋਲਦਿਆਂ ਕਿਹਾ ਕਿ ਕਾਨੂੰਨ ਜੋ ਕੰਮ ਕਰ ਰਿਹਾ ਹੈ, ਕਾਨੂੰਨ ਅਨੁਸਾਰ ਹੀ ਕਰ ਰਿਹਾ ਹੈ ਅਤੇ ਜੈਸੀ ਕਰਨੀ ਵੈਸੀ ਭਰਨੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਭਾਰੀ ਸੁਰੱਖਿਆ ਦੇ ਕਾਰਨ ਅੱਜ ਦੀ ਨੌਜਵਾਨ ਪੀੜ੍ਹੀ ਅਜਿਹੇ ਗੈਂਗਸਟਰਾਂ ਨੂੰ ਆਪਣਾ ਰੋਲ ਮਾਡਲ ਸਮਝ ਸਕਦੀ ਹੈ ਅਤੇ ਉਹ ਵੀ ਅਜਿਹੀ ਸੁਰੱਖਿਆ ਦੇਖ ਕੇ ਇਨ੍ਹਾਂ ਲੋਕਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਇਨ੍ਹਾਂ ਦੀ ਸੁਰੱਖਿਆ ਹਟਾਉਣੀ ਚਾਹੀਦੀ ਹੈ ਅਤੇ ਆਮ ਕੈਦੀਆਂ ਵਾਂਗ ਹੀ ਇਨ੍ਹਾਂ ਨੂੰ ਪੇਸ਼ ਕਰਨਾ ਚਾਹੀਦਾ ਹੈ। -PTC News

Related Post