ਲੁਧਿਆਣਾ: ਜਬਰ ਜਨਾਹ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ MLA ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਸਨ। ਸਾਬਕਾ ਵਿਧਾਇਕ ਅਦਾਲਤ ਅੰਦਰ ਬੈਠੇ ਹੋਏ ਹਨ ਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ।
ਦੱਸ ਦੇਈਏ ਕਿ ਬਹੁਤ ਗੁਪਤ ਤਰੀਕੇ ਨਾਲ ਅਦਾਲਤ ਵਿੱਚ ਪਹੁੰਚ ਕੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਹਰਸਿਮਰਨਜੀਤ ਕੌਰ ਜੱਜ ਦੀ ਅਦਾਲਤ ਵਿਚ ਬੈਂਸ ਨੇ ਆਪਣੇ ਆਪ ਨੂੰ ਸਰੰਡਰ ਕੀਤਾ ਹੈ। ਸਿਮਰਜੀਤ ਸਿੰਘ ਬੈਂਸ ਦੇ ਨਾਲ ਹੀ ਪਰਮਜੀਤ ਸਿੰਘ ਪੰਮਾ ਬੈਂਸ, ਪ੍ਰਦੀਪ ਕੁਮਾਰ ਗੋਗੀ ਸ਼ਰਮਾ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਭਾਬੀ, ਇਨ੍ਹਾਂ ਸਾਰਿਆ ਆਰੋਪੀਆਂ ਨੇ ਵੀ ਅੱਜ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਮੱਤੇਵਾੜਾ ਦੇ ਜੰਗਲਾਂ 'ਚ ਬਣ ਰਹੇ ਟੈਕਸਟਾਈਲ ਪਾਰਕ ਦੇ ਵਿਰੋਧ 'ਚ PAC ਕਮੇਟੀ ਅੱਜ ਕਰੇਗੀ ਮੁੱਖ ਮੰਤਰੀ ਨਾਲ ਮੁਲਾਕਾਤ
ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਗਿਆ ਸੀ। ਬੈਂਸ ਦੇ ਭਰਾ ਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ ਨੇ ਇਕ ਫੇਸਬੁੱਕ ਪੋਸਟ ਵੀ ਸ਼ੇਅਰ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ- "ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ ....... ਲੋਕ ਇਨਸਾਫ਼ ਪਾਰਟੀ।"
ਜ਼ਿਕਰਯੋਗ ਹੈ ਕਿ ਵਿਧਾਇਕ ਹੁੰਦਿਆਂ ਸਿਮਰਜੀਤ ਸਿੰਘ ਬੈਂਸ 'ਤੇ ਪਲਾਟ ਦੇ ਵਿਵਾਦ ਨੂੰ ਸੁਲਝਾਉਣ ਦੇ ਨਾਂ 'ਤੇ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਇਹ ਕੇਸ ਪਿਛਲੇ ਸਾਲ 10 ਜੁਲਾਈ 2021 ਨੂੰ ਕੇਸ ਦਰਜ ਕੀਤਾ ਗਿਆ ਸੀ ਪਰ ਬੈਂਸ ਅਦਾਲਤ ਦੀ ਪੇਸ਼ੀ ਦੌਰਾਨ ਪੇਸ਼ ਨਹੀਂ ਹੋਏ ਸਨ। ਇਸ ਲਈ ਲੁਧਿਆਣਾ ਦੀ ਅਦਾਲਤ ਨੇ ਬੈਂਸ ਅਤੇ ਉਸ ਦੇ ਸਾਥੀਆਂ ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਭਗੌੜਾ ਐਲਾਨ ਦਿੱਤਾ ਸੀ। ਪੁਲਿਸ ਨੇ ਸ਼ਹਿਰ ਵਿੱਚ ਇਨ੍ਹਾਂ ਦੇ ਪੋਸਟਰ ਵੀ ਲਗਾਏ ਸਨ।
ਇਸ ਮਾਮਲੇ ਵਿਚ ਅਜੇ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਸੁਪਰੀਮ ਕੋਰਟ ਵੱਲੋਂ ਬੈਂਸ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਸੀ। ਹੁਣ ਤੱਕ ਬੈਂਸ ਦੇ ਭਰਾ ਕਰਮਜੀਤ ਸਿੰਘ ਅਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਸਿਮਰਜੀਤ ਸਿੰਘ ਬੈਂਸ ਨੇ ਖੁਦ ਹੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ।
-PTC News