ਬੇਅਦਬੀ ਮਾਮਲਿਆਂ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਿਹਾ-2 ਜਨਵਰੀ ਨੂੰ ਅੰਮ੍ਰਿਤਸਰ 'ਚ ਹੋਵੇਗਾ ਪੰਥਕ ਇਕੱਠ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ 'ਤੇ ਹੈ, ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਨੇ ਤਿਆਰੀ ਖਿੱਚੀ ਹੋਈ ਹੈ ਪਰ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਤੇ ਫਿਰ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਧਾਰਮਿਕ ਅਸਥਾਨਾਂ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀਆਂ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਹਨਾਂ ਘਟਨਾਵਾਂ 'ਤੇ ਕਾਰਵਾਈ ਨਾ ਹੋਣ 'ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ’ਤੇ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਮੰਜੀ ਸਾਹਿਬ ਅੰਮ੍ਰਿਤਸਰ ਵਿਖੇ 2 ਜਨਵਰੀ ਨੂੰ ਵੱਡਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਹਾ ਸੀ ਕਿ ਦੋ ਦਿਨਾਂ ’ਚ ਇਸ ਘਟਨਾ ’ਚ ਕਾਰਵਾਈ ਕੀਤੀ ਜਾਵੇਗੀ ਪਰ ਅੱਜ ਇੰਨੇ ਦਿਨ ਬੀਤ ਗਏ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਰੋਸ ਵਜੋਂ ਇਹ ਬਹੁਤ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ।