ਸਟਰੀਟ ਲਾਈਟ ਘੁਟਾਲਾ: ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 4 ਜਨਵਰੀ: ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਵਿਜੀਲੈਂਸ ਵਿਭਾਗ ਵੱਲੋਂ ਸਟਰੀਟ ਲਾਈਟਾਂ ਘੁਟਾਲਾ ਮਾਮਲੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਹਾਈ ਕੋਰਟ ਨੇ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸਨ, ਨੂੰ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਸਟਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਕੀਤਾ ਸੀ। ਜਿਸ ਤੋਂ ਬਾਅਦ ਕੈਪਟਨ ਸੰਦੀਪ ਸੰਧੂ 65 ਲੱਖ ਰੁਪਏ ਦੇ ਸੋਲਰ ਲਾਈਟਾਂ ਘੁਟਾਲਾ ਮਾਮਲੇ ਵਿੱਚ ਫ਼ਰਾਰ ਵੀ ਰਹੇ। ਕਾਂਗਰਸ ਦੀ ਕੈਪਟਨ ਸਰਕਾਰ ਵਿੱਚ ਕੈਪਟਨ ਸੰਦੀਪ ਸੰਧੂ ਕਾਫੀ ਮਜ਼ਬੂਤ ਸਨ। ਜ਼ਿਮਨੀ ਚੋਣ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਟਿੱਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ। ਕੈਪਟਨ ਅਮਰਿੰਦਰ ਸਿੰਘ ਖ਼ੁਦ ਉਨ੍ਹਾਂ ਦੀ ਨਾਮਜ਼ਦਗੀ ਦਾਖਲ ਕਰਨ ਪਹੁੰਚੇ ਸਨ ਅਤੇ ਮੁੱਲਾਂਪੁਰ 'ਚ ਰੋਡ ਸ਼ੋਅ ਵੀ ਕੀਤਾ ਸੀ। ਪਰ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਜਿੱਤਣ ਵਿੱਚ ਕਾਮਯਾਬ ਰਹੇ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੇ ਇੱਕ ਵਾਰ ਫਿਰ ਸੰਦੀਪ ਸੰਧੂ 'ਤੇ ਦਾਅ ਖੇਡਿਆ। ਪਰ ਇਸ ਵਾਰ ਵੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
- ਰਿਪੋਰਟਰ ਨੇਹਾ ਸ਼ਰਮਾ ਦੇ ਸਹਿਯੋਗ ਨਾਲ
- PTC NEWS