ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਬਦੀ ਦੇ ਮਾਮਲੇ 'ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਚ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੋਸ਼ਿਸ਼ 'ਤੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ ਹੈ। ਸੁਖਜਿੰਦਰ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਘਟਨਾ ਨੂੰ ਵੱਡੀ ਸਾਜ਼ਿਸ਼ ਦਾ ਨਤੀਜਾ ਦੱਸਿਆ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਸਵੇਰੇ 11 ਵਜੇ ਦੇ ਕਰੀਬ ਹੀ ਦਰਬਾਰ ਸਾਹਿਬ ਵਿਚ ਦਾਖ਼ਲ ਹੋ ਗਿਆ ਸੀ, ਲਗਭਗ 7 ਘੰਟੇ ਦੇ ਕਰੀਬ ਦਰਬਾਰ ਸਾਹਿਬ ਵਿਚ ਰਿਹਾ।
ਘਟਨਾ ਦੀ ਸੀ. ਸੀ. ਟੀ. ਵੀ. ਦੇਖਣ ਤੋਂ ਬਾਅਦ ਸਾਫ ਪਤਾ ਲੱਗਦਾ ਹੈ ਕਿ ਮੁਲਜ਼ਮ ਬੇਅਦਬੀ ਦੀ ਮਨਸ਼ਾ ਨਾਲ ਹੀ ਆਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਮੁਲਜ਼ਮ ਕੋਲੋਂ ਨਾ ਤਾਂ ਕੋਈ ਮੋਬਾਇਲ ਬਰਾਮਦ ਹੋਇਆ ਹੈ ਅਤੇ ਨਾ ਹੀ ਕੋਈ ਆਈ. ਡੀ. ਪਰੂਫ ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਅੰਮ੍ਰਿਤਸਰ ਪੁੱਜੇ। ਉਨ੍ਹਾਂ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਸਾਰੇ ਮਾਮਲੇ ਦੀ ਜਾਣਕਾਰੀ ਲਈ। ਇਸ ਦੌਰਾਨ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਕਲ ਤੋਂ ਪਤਾ ਲੱਗਦਾ ਹੈ ਕਿ ਮੁਲਜ਼ਮ ਗੈਰ ਪੰਜਾਬੀ ਹੈ।
ਅੱਜ ਪੋਸਟਮਾਰਟਮ ਕਰਵਾਇਆ ਤੇ ਵਿਸਰਾ ਜਾਂਚ ਲਈ ਭੇਜਿਆ ਜਾ ਰਿਹਾ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਐਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਮੁਲਜ਼ਮ 6 ਤੋਂ 7 ਘੰਟੇ ਦਰਬਾਰ ਸਾਹਿਬ ਕੰਪਲੈਕਸ 'ਚ ਰਿਹਾ। ਹਾਲੇ ਤਕ ਜੋ ਜਾਣਕਾਰੀ ਮਿਲੀ ਹੈ, ਉਸ ਮੁਤਾਬਕ ਮੁਲਜ਼ਮ ਇਕੱਲਾ ਹੀ ਸੀ।