ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫਤਾਰੀ 'ਤੇ ਰੋਕ

By  Riya Bawa January 27th 2022 11:31 AM -- Updated: January 27th 2022 01:34 PM

ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਅੱਜ ਡਰੱਗ ਕੇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸੋਮਵਾਰ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ ਨਾ ਚੁੱਕਣ ਲਈ ਕਿਹਾ ਹੈ। ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਤਿਆਰ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 25 ਜਨਵਰੀ ਨੂੰ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਸ ਦੌਰਾਨ ਮਜੀਠੀਆ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਸਕਦਾ ਹੈ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਦੀ ਇਹ ਮੋਹਲਤ ਅੱਜ ਖਤਮ ਹੋਣੀ ਸੀ। ਇਸ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਹੈ।

'ਗੌਰਤਲਬ ਹੈ ਕਿ ਇਸ ਤੋਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡਰੱਗ ਮਾਮਲੇ ਵਿੱਚ 44 ਪੰਨਿਆਂ ਦੇ ਹੁਕਮ ਵਿੱਚ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ 'ਤੇ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਕੋਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆ ਸੀ ਪਰੰਤੂ ਹਾਈਕੋਰਟ ਨੇ 3 ਦਿਨਾਂ ਦਾ ਸਮਾਂ ਦਿੱਤਾ। ਇਸ ਤੋਂ ਪਹਿਲਾਂ ਮੁਹਾਲੀ 'ਚ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਖਿਲਾਫ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਇਹ ਵੀ ਪੜ੍ਹੋ: ਹਰਿਆਣਾ 'ਚ ਕੋਵਿਡ ਪਾਬੰਦੀਆਂ 10 ਫਰਵਰੀ ਤੱਕ ਰਹਿਣਗੀਆਂ ਜਾਰੀ, ਹੁਣ ਸ਼ਾਮ 7 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ -PTC News

Related Post