4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

By  Pardeep Singh July 4th 2022 07:52 AM

ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ।

ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ। ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਤੁਹਾਨੂੰ ਦੱਸ ਦੇਈਏ ਕਿ ਅਜ਼ਾਦੀ ਦੇ ਮਹਿਜ਼ 7 ਸਾਲਾਂ ਬਾਅਦ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਗਿਆ। ਇਸ ਤੋਂ ਬਾਅਦ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕੀਤੀ।
-PTC News

Related Post