ਨਵੀਂ ਦਿੱਲੀ : ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਨ੍ਹਾਂ ਸੂਬਿਆਂ ਵਿੱਚ ਗਰਮੀ ਕਾਰਨ ਲੋਕ ਘਰਾਂ ਵਿੱਚ ਬੈਠਣ ਲਈ ਮਜਬੂਰ ਹਨ। ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਅਜੇ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਪਿਛਲੇ ਦਿਨੀਂ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਜ਼ਰੂਰ ਦਰਜ ਕੀਤੀ ਗਈ ਸੀ ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਗਿਰਾਵਟ ਨਜ਼ਰ ਨਹੀਂ ਆ ਰਹੀ ਹੈ। ਇਸ ਦੌਰਾਨ ਸੋਮਵਾਰ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੀ ਘੱਟ ਸਰਗਰਮੀ ਕਾਰਨ ਸੋਮਵਾਰ ਤੋਂ ਪਾਰਾ ਵੱਧ ਸਕਦਾ ਹੈ। ਹਾਲਾਂਕਿ ਸ਼ਾਮ ਨੂੰ ਬੱਦਲ ਛਾਏ ਰਹਿਣ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਹਫ਼ਤੇ ਦੇ ਅੱਧ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਓਡੀਸ਼ਾ, ਗੰਗਾ ਪੱਛਮੀ ਬੰਗਾਲ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਗਰਮੀ ਦਾ ਅਸਰ ਹੋ ਸਕਦਾ ਹੈ। ਦੱਖਣੀ ਭਾਰਤ ਦੇ ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਦੇ ਨਾਲ-ਨਾਲ ਨਾਗਾਲੈਂਡ, ਮਨੀਪੁਰ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਵਾਰ ਵੀ ਦੇਸ਼ ਵਿੱਚ ਮੀਂਹ ਆਮ ਹੀ ਰਹੇਗਾ। ਸਾਲ 2019, 2020 ਅਤੇ 2021 ਵਿੱਚ ਵੀ ਦੇਸ਼ ਵਿੱਚ ਆਮ ਬਾਰਿਸ਼ ਹੋਈ ਸੀ। ਆਈਐਮਡੀ ਮੁਤਾਬਕ ਇਸ ਸਾਲ ਜੂਨ ਤੋਂ ਸਤੰਬਰ ਤੱਕ ਲੰਮੀ ਮਿਆਦ ਦੀ ਔਸਤ ਬਾਰਿਸ਼ 99 ਫੀਸਦੀ ਹੋ ਸਕਦੀ ਹੈ। ਇਹ ਵੀ ਪੜ੍ਹੋ : ਕਿਸਾਨਾਂ 'ਤੇ ਮਹਿੰਗਾਈ ਦੀ ਮਾਰ, ਡੀਏਪੀ ਪ੍ਰਤੀ ਗੱਟਾ 150 ਰੁਪਏ ਹੋਈ ਮਹਿੰਗੀ