ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ

By  Pardeep Singh April 21st 2022 10:16 AM

ਅੰਮ੍ਰਿਤਸਰ: ਹਿੰਦ ਦੀ ਚਾਦਰ ਨੌਂਵੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 401ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਦੇ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਨੇਕਾਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ। ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਚ ਸੰਗਤਾਂ ਨੇ ਗੁਰੂਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਦੇ ਸਬੰਧ ਚ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਦੇ ਸਬੰਧ ਵਿੱਚ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਚ ਵਿਸ਼ਾਲ ਗੁਰਮਤਿ ਸਮਾਗਮ ਦਾ ਅਯੋਜਿਨ ਕੀਤਾ ਗਿਆ।   ਮੰਜੀ ਸਾਹਿਬ ਦੀਵਾਨ ਹਾਲ ਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਨੀ ਦੇ ਰਸ ਨਾਲ ਜੋੜਿਆ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ। ਸੰਗਤਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਦੇਸ਼ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂਆਂ ਨੇ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਗੁਰੂਦੁਆਰਾ ਗੁਰੂ ਕੇ ਮਹਿਲ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਕੀਤੀ ਗਈ ਜੋ ਸੰਗਤਾਂ ਦੀ ਵੱਡੀ ਖਿੱਚ ਦਾ ਕੇਂਦਰ ਬਣੀ। ਸੰਗਤ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਕਾਰ ਸੇਵਾ ਸੰਪਰਦਾਵਾਂ ਦੇ ਸਹਿਯੋਗ ਨਾਲ ਤਰਾਂ ਤਰਾਂ ਦੇ ਸਵਾਦੀ ਲੰਗਰ ਅਤੁੱਟ ਵਰਤਾਏ ਗਏ ਅਤੇ ਰਿਹਾਇਸ਼, ਪਾਰਕਿੰਗ ਤੇ ਮੈਡੀਕਲ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਦਾ ਕਹਿਰ ਮੁੜ ਹੋਇਆ ਸ਼ੁਰੂ, ਨਵੇਂ ਕੇਸ 2380 -PTC News

Related Post