ਪਟਿਆਲਾ : ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਪੀਆਰਟੀਸੀ ਦੀਆਂ ਬੱਸਾਂ ਉਪਰ ਲਗਾਏ ਜਾਣ ਦਾ ਭਖਦੇ ਮੁੱਦੇ ਨੂੰ ਵੇਖਕੇ ਪੀਆਰਟੀਸੀ ਪ੍ਰਸ਼ਾਸਨ ਝੁਕ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਪੱਤਰ ਵੀ ਵਾਪਸ ਲੈ ਲਿਆ ਗਿਆ ਹੈ। ਪੀਆਰਟੀਸੀ ਦੇ ਮੁੱਖ ਗੇਟ ਦਾ ਅੱਜ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਘਿਰਾਓ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਹੱਥਾਂ ਵਿਚ ਫੜਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੀਆਰਟੀਸੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਸਨ। ਹਾਲਾਤ ਨਾਲ ਨਜਿੱਠਣ ਲਈ ਵੱਖ ਵੱਖ ਥਾਵਾਂ ਉਤੇ ਬੈਰੀਕੇਡਿੰਗ ਕੀਤੀ ਗਈ ਸੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਜਥੇਦਾਰ ਮੋਹਨ ਸਿੰਘ ਕਰਤਾਰਪੁਰ ਸਮੇਤ ਵੱਖ ਵੱਖ ਆਗੂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਜਨਰਲ ਸਕੱਤਰ ਪ੍ਰੋ. ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਏਜੰਸੀਆਂ ਦੇ ਵਿਅਕਤੀਆਂ ਵੱਲੋਂ ਸ਼ਿਕਾਇਤ ਦੇ ਆਧਾਰ ਉਤੇ ਪੀਆਰਟੀਸੀ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਸੀ ਪਰ ਰੋਸ ਦੇ ਚੱਲਦਿਆਂ ਅੱਜ ਪ੍ਰਸ਼ਾਸਨ ਨੇ ਇਹ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਸਮੇਤ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਲਾਉਣ ਲਈ ਕੋਈ ਰੋਕ ਨਹੀਂ ਹੈ ਅਤੇ ਕੋਈ ਵੀ ਇਹ ਤਸਵੀਰਾਂ ਲੁਹਾ ਨਹੀਂ ਸਕਦਾ। ਰਿਪੋਰਟ : ਗਗਨਦੀਪ ਆਹੂਜਾ ਪਟਿਆਲਾ ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਤੇ ਚਾਰ ਹੋਰ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ