ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਉਪਰ ਬਣਾਈ ਗਈ ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਥੇਬੰਦੀ ਵੱਲੋਂ ਰੇਲ ਪਟੜੀਆਂ ਉਤੇ ਧਰਨਾ ਦੇਣ ਦਾ ਵੱਡਾ ਐਲਾਨ ਕੀਤਾ ਗਿਆ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਐਸਪੀ ਨੂੰ ਲੈ ਕੇ ਕੇਂਦਰ ਵੱਲੋਂ ਬਣਾਈ ਗਈ ਕਮੇਟੀ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੜਕਾਂ ਉਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਖੇਤੀ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਸਬੰਧੀ ਸੰਯੁਕਤ ਕਿਸਾਨ ਮੋਰਚਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਕਮੇਟੀ ਕੇਂਦਰ ਸਰਕਾਰ ਦੀ ਕਠਪੁਤਲੀ ਹੈ। ਇਸ ਇਲਾਵਾ ਉਨ੍ਹਾ ਨੇ ਕਿਹਾ ਕਿ 18, 19 ਅਤੇ 20 ਅਗਸਤ ਨੂੰ ਲਖੀਮਪੁਰ ਖੀਰੀ ਵਿੱਚ 75 ਘੰਟੇ ਦਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ 115 ਕਿਸਾਨਾਂ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿਘ ਮਾਨ ਨੂੰ ਕਿਹਾ ਕਿ ਉਹ ਜਲਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ। ਉਨ੍ਹਾਂ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਮੂੰਗੀ ਦੀ ਫਸਲ ਉਤੇ ਐਮਐਸਪੀ ਨਹੀਂ ਦਿੱਤੀ। 4 ਤੋਂ 5 ਹਜ਼ਾਰ ਰੁਪਏ ਦੀ ਕਿਸਾਨਾਂ ਨੂੰ ਰੇਟ ਮਿਲਿਆ ਹੈ ਜਦਕਿ ਪੰਜਾਬ ਸਰਕਾਰ ਨੇ 7200 ਰੁਪਏ ਭਾਅ ਤੈਅ ਕੀਤਾ ਸੀ। ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਕਿਸਾਨ ਮੁੜ ਤੋਂ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟਾਂ ਅੱਗੇ ਦਿਨ-ਰਾਤ ਦੇ ਧਰਨੇ ਲਗਾਉਣ ਜਾ ਰਹੇ ਹਨ।ਦੇਸ਼ ਭਰ ਵਿੱਚ ਚੱਕਾ ਜਾਮ ਅਤੇ ਲਖੀਮਪੁਰ ਖੀਰੀ ਵਿੱਚ ਧਰਨੇ ਲਗਾਉਣ ਵਰਗੇ ਫੈਸਲੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਹਨ। ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ 21 ਤੋਂ 25 ਜੁਲਾਈ ਮਾਲਵੇ ਖੇਤਰ ਵਿੱਚ ਸਥਾਪਤ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟਾਂ ਅੱਗੇ ਇਹ ਧਰਨੇ ਲਗਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੋਆਬਾ ਖਿੱਤੇ ਵਿੱਚ 6 ਥਾਵਾਂ ਉੱਪਰ ਇਹ ਪ੍ਰਦਰਸ਼ਨ ਹੋਣਗੇ। ਇਹ ਵੀ ਪੜ੍ਹੋ : ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾ