ਚੰਡੀਗੜ੍ਹ : ਪਟਿਆਲਾ ਵਿਖੇ ਦੋ ਧਿਰਾਂ ਵਿੱਚ ਹੋਏ ਟਕਰਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਫੀ ਨਾਰਾਜ਼ ਨਜ਼ਰ ਆਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਮੀਟਿੰਗ 'ਚ ਦੱਸਿਆ ਕਿ ਪੁਲਿਸ ਇੰਟੈਲੀਜੈਂਸ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਜਲੂਸ ਕੱਢਣ ਬਾਰੇ ਸੂਚਿਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨਹੀਂ ਸਮਝੀ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਪਟਿਆਲਾ 'ਚ ਹੋਈ ਘਟਨਾ 'ਤੇ ਡੀਜੀਪੀ ਤੇ ਸਾਰੇ ਆਲਾ ਅਫ਼ਸਰਾਂ ਦੀ ਮੀਟਿੰਗ ਬੁਲਾਈ ਹੈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇਕ ਵੀ ਮੁਲਜ਼ਮ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ਉਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ। ਢਿੱਲ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਉਤੇ ਗਾਜ਼ ਵੀ ਡਿੱਗ ਸਕਦੀ ਹੈ।
ਪਟਿਆਲਾ ਦੇ ਇੰਸਪੈਕਟਰ ਜਨਰਲ ਪੁਲਿਸ ਰਾਕੇਸ਼ ਅਗਰਵਾਲ ਨੇ ਪਟਿਆਲਾ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਸਥਿਤੀ ਹੁਣ ਕਾਬੂ 'ਚ ਹੈ। ਉਸ ਨੇ ਕਿਹਾ, “ਅਸੀਂ ਬਾਹਰੋਂ ਪੁਲਿਸ ਫੋਰਸ ਬੁਲਾਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸ਼ਾਂਤੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਖੇਤਰ 'ਚ ਸ਼ਾਂਤੀ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੈ।
ਮਾਨ ਨੇ ਇੱਕ ਟਵੀਟ 'ਚ ਕਿਹਾ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਤੇ ਕਿਸੇ ਨੂੰ ਵੀ ਸੂਬੇ 'ਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਹੁਤ ਜ਼ਰੂਰੀ ਹੈ। ਇਸ ਘਟਨਾ 'ਤੇ ਪੁਲਿਸ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਇਹ ਘਟਨਾ ਇਸ ਲਈ ਵਾਪਰੀ ਕਿਉਂਕਿ "ਕੁਝ ਸ਼ਰਾਰਤੀ ਅਨਸਰਾਂ ਦੁਆਰਾ ਕੁਝ ਅਫਵਾਹਾਂ ਫੈਲਾਈਆਂ ਗਈਆਂ ਸਨ। ਅਸੀਂ ਸਥਿਤੀ 'ਤੇ ਕਾਬੂ ਪਾ ਲਿਆ ਹੈ। ਅਸੀਂ ਪਟਿਆਲਾ ਸ਼ਹਿਰ ਵਿੱਚ ਫਲੈਗ ਮਾਰਚ ਕਰ ਰਹੇ ਹਾਂ।
ਜ਼ਿਕਰਯੋਗ ਹੈ ਕਿ ਅੱਜ ਇਥੇ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਸਨ। ਇਥੇ ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲਿਸ ਨੂੰ ਹਵਾਈ ਫਾਇਰ ਕਰਨੇ ਪਏ। ਇਸ ਦੌਰਾਨ ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ।
ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਅਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਭਾਵੇਂ ਕਿ ਤਣਾਅ ਦੇ ਹਾਲਾਤ ਅਜੇ ਵੀ ਬਣੇ ਹੋਏ ਹਨ ਪਰ ਪੁਲਿਸ ਦਾ ਦਾਅਵਾ ਹੈ ਕਿ ਹਾਲਾਤ ਕਾਬੂ ਵਿੱਚ ਹਨ। ਸੂਤਰਾਂ ਤੋਂ ਪਤਾ ਲੱਗਾ ਕਿ ਲੀਲਾ ਭਵਨ ਚੌਕ ਵਿਖੇ ਕਿਰਪਾਨ ਵੱਜਣ ਕਾਰਨ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋਇਆ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ