ਆਯੂਸ਼ਮਾਨ ਸਿਹਤ ਬੀਮਾ ਤਹਿਤ ਪ੍ਰਾਈਵੇਟ ਹਸਪਤਾਲਾਂ 'ਚ ਮੁੜ ਸ਼ੁਰੂ ਹੋਵੇਗਾ ਇਲਾਜ
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਬਕਾਏ ਦੀ ਅਦਾਇਗੀ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਡਾ. ਸਿੰਗਲਾ ਨੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਰਸੇ ਵਿਚ ਆਈਆਂ ਰੁਕਾਵਟਾਂ ਨੂੰ ਦੂਰ ਕਰ ਕੇ ਇਸ ਸਕੀਮ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਨੇ ਆਈਐਮਏ ਨੂੰ ਅਪੀਲ ਕੀਤੀ ਕਿ ਉਹ ਆਯੂਸ਼ਮਾਨ ਬੀਮਾ ਯੋਜਨਾ ਤਹਿਤ ਲੋਕਾਂ ਦੇ ਇਲਾਜ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰੇ। ਇਸ ਮੌਕੇ ਆਈਐਮਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ. ਪਰਮਜੀਤ ਮਾਨ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਭਲਕੇ ਤੋਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਸ਼ੁਰੂ ਕਰ ਦਿੱਤਾ ਜਾਵੇਗਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਡਾ.ਐਸ.ਪੀ.ਐਸ.ਸੋਚ, ਡਾ.ਆਰ.ਐਸ. ਬੱਲ, ਡਾ. ਮਨੋਜ ਸੋਬਤੀ, ਡਾ. ਆਰ.ਐਸ. ਪਰਮਾਰ, ਡਾ. ਰਾਕੇਸ਼ ਵਿਗ, ਡਾ. ਜਨਕ ਰਾਜ ਸਿੰਗਲਾ, ਡਾ. ਭਗਵੰਤ ਸਿੰਘ, ਡਾ. ਸੁਨੀਲ ਕਤਿਆਲ ਡਾ. ਸੰਜੀਵ ਮਿੱਤਲ ਡਾ. ਅਸ਼ੀਸ਼ ਓਹਰੀ, ਡਾ. ਸਰਬਜੀਤ ਸਿੰਘ ਤੇ ਡਾ. ਦਿਵਿਆਂਸ਼ ਗੁਪਤਾ ਹਾਜ਼ਰ ਸਨ। ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਰਹੇਗੀ। ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਕੁਝ ਕਾਰਨ ਕਰ ਕੇ ਅਦਾਇਗੀ ਵਿੱਚ ਦੇਰੀ ਹੋ ਗਈ ਸੀ। ਹੁਣ ਇਹ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਭਰੋਸਾ ਦਿਵਾਇਆ ਗਿਆ ਗਿਆ ਹੈ ਕਿ ਆਯੂਸ਼ਮਾਨ ਤਹਿਤ ਮੁੜ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਵੀ ਪੜ੍ਹੋ : ਬਠਿੰਡਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਔਰਤ ਨਾਮਜ਼ਦ