ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨਾਲ ਖਿੱਚ-ਧੂਹ
ਸੰਗਰੂਰ : ਮੁੱਖ ਮੰਤਰੀ ਭਗਵੰਤ ਦੀ ਕੋਠੀ ਦਾ ਘਿਰਾਓ ਕਰ ਰਹੇ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਨੇ ਬੁਰੀ ਤਰ੍ਹਾਂ ਖਿੱਚ-ਧੂਹ ਕੀਤੀ ਅਤੇ ਨੌਜਵਾਨ ਮੁੰਡੇ-ਕੁੜੀਆਂ ਉਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ, ਜਿਸ ਨਾਲ ਕਈ ਧਰਨਾਕਾਰੀ ਜ਼ਖ਼ਮੀ ਹੋ ਗਏ ਹਨ।
ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਧੱਕਾ-ਮੁੱਕੀ ਵੱਚ ਕਈ ਮਹਿਲਾ ਅਧਿਆਪਕ ਜ਼ਖ਼ਮੀ ਹੋ ਗਈਆਂ। 646 ਪੀਟੀਆਈ ਬੇਰੁਜ਼ਗਾਰ ਅਧਿਆਪਕ ਭਰਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਅਧਿਆਪਕ ਬੇਹੋਸ਼ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਯੂਨੀਅਨ ਪ੍ਰਧਾਨ ਨੇ ਆਪਣੇ ਆਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲੀਸ ਨੇ ਅੱਗ ਬੁਝਾਊ ਯੰਤਰ ਨਾਲ ਬੁਝਾ ਦਿੱਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਇਸ ਕਾਰਨ ਪੁਲਿਸ ਨੇ ਹਲਕੀ ਤਾਕਤ ਦੀ ਵਰਤੋਂ ਵੀ ਕੀਤੀ। ਇਸ ਦੌਰਾਨ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੁਲੀਸ ਵਿੱਚ ਭਰਤੀ ਹੋਏ ਉਮੀਦਵਾਰਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਖਿੱਚ-ਧੂਹ ਦੌਰਾਨ ਇਕ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਮੌਕੇ ਐਬੂਲੈਂਸ ਨਾ ਪਹੁੰਚਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਸੀ। ਧਰਨਾਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਉਤੇ ਦੋਸ਼ ਲਗਾਇਆ ਕਿ ਵਾਰ-ਵਾਰ ਧਰਨੇ ਪ੍ਰਦਰਸ਼ਨ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਵੀ ਭਰਤੀ ਦਾ ਐਲਾਨ ਨਹੀਂ ਕੀਤਾ ਗਿਆ।