ਅੰਮ੍ਰਿਤਸਰ: ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਸਜਾਇਆ ਗਿਆ ਹੈ। ਇਸ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ੁਸ਼ੋਬਿਤ ਕੀਤਾ ਗਿਆ ਤੇ ਪੰਜ ਪਿਆਰਿਆਂ ਨੇ ਜਿਥੇ ਇਸ ਨਗਰ ਕੀਰਤਨ ਦੀ ਅਗਵਾਈ ਕੀਤੀ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋਏ ਇਸ ਨਗਰ ਕੀਰਤਨ ਵਿਚ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਅਤੇ ਸਿੱਖ ਸੰਗਤਾਂ ਸ਼ਾਮਿਲ ਸਨ। ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਬਾਰਾਂ ਪੁਰਾਤਨ ਤੇ ਇਤਿਹਾਸਕ ਦਰਵਾਜ਼ਿਆਂ ਦੇ ਬਾਹਰੋਂ ਰਿੰਗ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਰਸਤੇ ਵਿਚ ਥਾਂ - ਥਾਂ 'ਤੇ ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਘੰਟਾ ਘਰ ਵਿਖੇ ਪੁਲਿਸ ਬੈਂਡ ਵਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ ਹੈ। ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਹਨ। ਇਸ ਮੌਕੇ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ ਤੇ ਸਕੂਲੀ ਬੱਚਿਆਂ ਨੇ ਵੀ ਆਪਣੇ ਬੈਂਡ ਨਾਲ ਹਰੇਕ ਦਾ ਮਨ ਮੋਹਿਆ।
ਇਸ ਮੌਕੇ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਵਾਪਿਸ ਗੁਰਦਵਾਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ।
ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ। ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।
-PTC News