300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਹੋ ਸਕਦਾ ਐਲਾਨ, ਕੇਜਰੀਵਾਲ ਨਾਲ ਭਗਵੰਤ ਮਾਨ ਕਰਨਗੇ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿਲੀ ਦੌਰੇ ਉਤੇ ਜਾ ਰਹੇ ਹਨ। ਇਸ ਦੌਰੇ ਨਾਲ ਕਈ ਐਲਾਨ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਵੀ ਬਾਅਦ ਦੁਪਹਿਰ 3 ਵਜੇ ਮੁਲਾਕਾਤ ਕਰਨਗੇ। ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਪਹਿਲੀ ਗਾਰੰਟੀ 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਐਲਾਨ ਕਰ ਸਕਦੀ ਹੈ ਅਤੇ ਇਸ ਲਈ ਪੂਰਾ ਖਾਕਾ ਵੀ ਤਿਆਰ ਕਰ ਲਿਆ ਗਿਆ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਕੀਤੀ ਜਾਵੇਗੀ ਜਿਸ ਵਿੱਚ ਸੂਬੇ ਨਾਲ ਸਬੰਧਤ ਵਿਸ਼ਿਆਂ ਉਤੇ ਗੱਲ਼ਬਾਤ ਕੀਤੀ ਜਾਵੇਗੀ। ਆਸ ਪ੍ਰਗਟਾਈ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਮਗਰੋਂ ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ ਅਤੇ ਉਪਰੰਤ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਪਿੱਛੋਂ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ ਅਤੇ ਅਹਿਮ ਮੁੱਦਿਆਂ ਉਤੇ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਗੇ ਪੰਜਾਬ ਨੂੰ ਵਿਸ਼ੇਸ਼ ਪੈਕੇਜ਼ ਦੇਣ ਦੀ ਮੰਗ ਤੇ ਬੀਐਸਐਫ ਦਾ ਦਾਇਰਾ ਘਟਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ। ਸੰਭਾਵਨਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਹ ਵੀ ਪੜ੍ਹੋ : ਰੋਪਵੇਅ ਹਾਦਸਾ : ਫ਼ੌਜ ਤੇ ਐਨਡੀਆਰਐਫ ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ