ਦੁਸ਼ਹਿਰੇ ਦੇ ਤਿਉਹਾਰ ਨੂੰ ਮਨਾਉਣ ਸਬੰਧੀ ਢੁੱਕਵੇਂ ਸਥਾਨਾਂ ਦੀ ਕੀਤੀ ਜਾਵੇ ਸ਼ਨਾਖ਼ਤ: ਡਿਪਟੀ ਕਮਿਸ਼ਨਰ
ਬਠਿੰਡਾ, 27 ਸਤੰਬਰ: ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਚ ਹਰ ਸਾਲ ਮਨਾਏ ਜਾਣ ਵਾਲੇ ਦੁਸ਼ਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਚੱਲ ਰਹੀ ਰਾਮਲੀਲਾ ਤੇ ਦੁਸ਼ਹਿਰੇ ਦੇ ਤਿਉਹਾਰ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸ਼ਰਧਾ ਭਾਵਨਾ ਤੇ ਭਰਵੇਂ ਇਕੱਠ ਨੂੰ ਦੇਖਦੇ ਹੋਏ ਢੁੱਕਵੇਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਖ਼ਾਸ ਤੌਰ ਤੇ ਦੁਸ਼ਹਿਰੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦੁਸ਼ਹਿਰੇ ਦੇ ਤਿਉਹਾਰ ਨੂੰ ਅਮਨ ਸ਼ਾਂਤੀ ਨਾਲ ਮਨਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਮਲੀਲਾ ਦੌਰਾਨ ਅਤੇ ਦੁਸ਼ਹਿਰੇ ਮੌਕੇ ਲੋਕਾਂ ਦੇ ਇੱਕਠ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਦੁਸ਼ਹਿਰੇ ਮੌਕੇ ਹੋਣ ਵਾਲੇ ਸਮਾਗਮ ਵਾਲੀਆਂ ਥਾਵਾਂ ਤੇ ਡਾਕਟਰੀ ਟੀਮਾਂ ਅਤੇ ਐਬੂਲੈਂਸ ਆਦਿ ਦੇ ਪੁਖ਼ਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਾਇਰ ਬ੍ਰਿਗੇਡ ਗੱਡੀਆਂ ਦੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। -PTC News