ਫੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕਰੋ : ਬਾਜਵਾ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰੀ ਤਾਂ ਠੀਕ ਸੀ ਪਰ ਫੌਜਾ ਸਿੰਘ ਸਰਾਰੀ ਬਾਰੇ ਕੀ ਕਹੀਏ ਜਿਸਦੀ ਆਡੀਓ ਕਲਿੱਪ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ ਜਿਸ ਵਿੱਚ ਉਸਨੂੰ ਪੰਜਾਬ ਦੇ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। ਇਸ ਤੋਂ ਇਲਾਵਾ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੋਵਾਂ ਨੇ ਪਹਿਲਾਂ ਹੀ ਮੀਡੀਆ ਦੇ ਸਾਹਮਣੇ ਮੰਨਿਆ ਸੀ ਕਿ ਆਡੀਓ ਕਲਿੱਪ ਵਿੱਚ ਆਵਾਜ਼ ਅਸਲ ਵਿੱਚ ਉਨ੍ਹਾਂ ਦੀ ਹੈ। ਇਸ ਲਈ ਕਿਹੜੀ ਚੀਜ਼ ਭਗਵੰਤ ਮਾਨ ਨੂੰ ਸਰਾਰੀ ਨੂੰ ਗ੍ਰਿਫਤਾਰ ਕਰਨ ਅਤੇ ਮੰਤਰੀ ਮੰਡਲ ਤੋਂ ਬਾਹਰ ਕਰਨ ਤੋਂ ਰੋਕ ਰਹੀ ਹੈ ਜਿਵੇਂ ਕਿ ਉਸਨੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨਾਲ ਕੀਤਾ ਸੀ। ਬਾਜਵਾ ਨੇ ਕਿਹਾ ਕਿ ਉਹ ਰਾਜ ਜਾਂ ਕੇਂਦਰ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਜਾਂ ਮੰਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਕਿਸੇ ਵੀ ਯਤਨ ਦੀ ਹਮੇਸ਼ਾ ਸ਼ਲਾਘਾ ਕਰਨਗੇ। “ਹਾਲਾਂਕਿ, ਮੈਂ ਭਗਵੰਤ ਮਾਨ ਸਰਕਾਰ ਦੇ ਪੱਖਪਾਤੀ ਰਵੱਈਏ ਅਤੇ ਇਸਦੀ ਚੁਣਿੰਦਾ ਲੋਕਾਂ ਖ਼ਿਲਾਫ਼ ਕਾਰਵਾਈ ਦੀ ਨੀਤੀ ਦੇ ਵਿਰੁੱਧ ਹਾਂ। ਬਾਜਵਾ ਨੇ ਕਿਹਾ ਕਿ ਕਾਂਗਰਸੀ ਮੰਤਰੀਆਂ ਖਿਲਾਫ ਦੋਹਰੇ ਮਾਪਦੰਡ ਕਿਉਂ ਹਨ ਜਦੋਂ ਕਿ ਉਨ੍ਹਾਂ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਅਤੇ ਫਿਰੌਤੀ ਦੇ ਮਾਮਲਿਆਂ 'ਚ ਛੁੱਟ ਜਾਂਦੇ ਹਨ। ਬਾਜਵਾ ਨੇ ਭਗਵੰਤ ਮਾਨ ਨੂੰ ਕਿਸਾਨਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਖਾਸ ਕਰਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਉਠਾਏ ਜਾ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਵੀ ਅਪੀਲ ਕੀਤੀ। ਬਾਜਵਾ ਨੇ ਕਿਹਾ ਮਾਨ ਵੱਲੋਂ ਖ਼ੁਦ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਅਤੇ ਦਾਅਵਾ ਕੀਤਾ ਕਿ ਇਸ ਨਾਲ ਪਾਣੀ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਦੀ ਸਲਾਹ 'ਤੇ ਅਮਲ ਕਰਨ ਵਾਲੇ ਵੱਡੀ ਗਿਣਤੀ ਕਿਸਾਨਾਂ ਬੋਨਸ ਉਡੀਕ ਰਹੇ ਹਨ। ਇਸੇ ਤਰ੍ਹਾਂ ਮਾਨ ਨੇ ਮੂੰਗੀ ਉੱਤੇ 7500 ਰੁਪੈ ਪ੍ਰਤੀ ਕੁਇੰਟਲ ਐਮਐਸਪੀ ਦਾ ਵਾਅਦਾ ਕੀਤਾ ਸੀ ਪਰ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ 80% ਐਮਐਸਪੀ ਉਡੀਕ ਰਹੇ ਹਨ। ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਖਰਾਬ ਮੌਸਮ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਦੇਣ 'ਚ ਅਸਫਲ ਰਹੀ ਹੈ। ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਉਹ ਅਜੇ ਵੀ ਰਾਹਤ ਦੀ ਉਡੀਕ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਹਨ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਉਗਰਾਹਾਂ ਨਾਲ ਗੱਲਬਾਤ ਦਾ ਇੱਕ ਹੋਰ ਦੌਰ ਚਲਾਉਣ ਤਾਂ ਜੋ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ। ਇਹ ਵੀ ਪੜ੍ਹੋ:ਕਾਨਪੁਰ ਦੇ ਮਸ਼ਹੂਰ ਜਾਦੂਗਰ ਓ.ਪੀ ਸ਼ਰਮਾ ਦਾ ਹੋਇਆ ਦਿਹਾਂਤ -PTC News