ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਜਲੰਧਰ : ਆਸ਼ਾ ਵਰਕਰਾਂ ਨੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ ਹੈ। ਸਿਵਲ ਹਸਪਤਾਲ ਦੇ ਵਿਹੜੇ ਵਿੱਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਪਿਛਲੇ ਕਈ ਮਹੀਨਿਆਂ ਤੋਂ ਮਾਣ ਭੱਤਾ ਨਾ ਮਿਲਣ ਤੋਂ ਆਸ਼ਾ ਵਰਕਰਾਂ ਕਾਫੀ ਪਰੇਸ਼ਾਨੀ ਵਿੱਚ ਚੱਲ ਰਹੀਆਂ ਹਨ। ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ੇੜੀਆਂ ਦਾ ਸਰਵੇ ਕਰਨ ਲਈ ਦਬਾਅ ਬਣਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ੇੜੀਆਂ ਦਾ ਸਰਵੇ ਕਰਨ ਤੋਂ ਬਾਅਦ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਤੋਂ ਬਾਅਦ ਹੀ ਆਸ਼ਾ ਵਰਕਰਾਂ ਨਸ਼ੇੜੀਆਂ ਨਾਲ ਸਬੰਧਤ ਸਰਵੇ ਕਰਨਗੀਆਂ। ਇਸ ਦੌਰਾਨ ਧਰਨਾਕਾਰੀਆਂ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੀਆਂ ਨੀਤੀਆਂ ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਸਿਹਤ ਵਿਭਾਗ ਦੇ ਐਨਆਰਐਚਐਮ ਅਧੀਨ ਆਸ਼ਾ ਵਰਕਰਾਂ ਦਾ ਕੋਰੋਨਾ ਭੱਤਾ ਵੀ ਬੰਦ ਕਰ ਦਿੱਤਾ ਗਿਆ ਸੀ , ਜਿਸ ਕਾਰਨ ਆਸ਼ਾ ਵਰਕਰਾਂ ਵਿੱਚ ਭਾਰੀ ਰੋਸ ਹੈ। ਕੇਂਦਰ ਤੇ ਪੰਜਾਬ ਸਰਕਾਰ ਦੁਆਰਾ ਦਿੱਤਾ ਜਾਂਦਾ ਕੋਰੋਨਾ ਭੱਤਾ ਬੰਦ ਕਰਨ ਦੇ ਖਿਲਾਫ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਵੱਖ ਵੱਖ ਥਾਵਾਂ ’ਤੇ ਸਮੂਹਕ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਸੀ। ਵੱਖ ਵੱਖ ਥਾਵਾਂ ਉਤੇ ਕੀਤੀਆਂ ਮੀਟਿੰਗਾਂ ਦੌਰਾਨ ਜਥੇਬੰਦੀ ਦੇ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ ਸੀ। ਬੁਲਾਰਿਆਂ ਨੇ ਆਖਿਆ ਸੀ ਕਿ ਇਸ ਵੇਲੇ ਕੋਰੋਨਾ ਟੀਕਾਕਰਨ ਦੀ ਮੁਹਿੰਮ ਚਲ ਰਹੀ ਹੈ, ਜਿਸ ਦੌਰਾਨ ਆਸ਼ਾ ਵਰਕਰਾਂ ਕੋਲੋਂ ਹਰ ਤਰ੍ਹਾਂ ਦਾ ਕੰਮ ਲਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਮਿਲਣ ਵਾਲਾ ਮਿਹਨਤਾਨਾ 31 ਮਾਰਚ ਤੋਂ ਬੰਦ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦਾ ਕਹਿਰ, ਬਠਿੰਡਾ-ਪਟਿਆਲਾ 46 ਡਿਗਰੀ ਨਾਲ ਤਪੇ