ਅਸ਼ਵਨੀ ਸ਼ਰਮਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਲੁਧਿਆਣਾ: ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਰਾਮਾ ਮੰਡੀ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਜ਼ਿਕਰ ਕੀਤਾ। ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਅਤੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਖੁਦਕੁਸ਼ੀ ਦੀ ਕੋਸ਼ਿਸ਼ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਹ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਆਪਣੀਆਂ ਭੈਣਾਂ ਕਹਿੰਦੇ ਸਨ ਅਤੇ ਹੁਣ ਸੰਘਰਸ਼ ਲਈ ਮਜਬੂਰ ਕਰ ਰਹੇ ਹਨ। ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੇ ਗੋਡਿਆਂ 'ਚ ਦਰਦ ਦੀ ਸ਼ਿਕਾਇਤ ਬਾਰੇ ਡਾਕਟਰ ਨੇ ਦਿੱਤਾ ਇਹ ਸੁਝਾਅ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਰਾਰ ਦੇਣ ਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਦੇ ਸਰੋਤ ਹਨ। ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਭਗਵੰਤ ਮਾਨ ਸਰਕਾਰ ਨੂੰ ਵਿਰੋਧੀ ਧਿਰਾਂ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੁੱਦੇ 'ਤੇ ਘੇਰਿਆ ਸੀ। ਵਿਰੋਧੀ ਧਿਰਾਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ (Punjab Law and Order) ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਪਰੰਤੂ ਫਿਰ ਵੀ ਕੋਈ ਹੀਲਾ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਮੁੱਖ ਮੰਤਰੀ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰੰਤੂ ਫਿਰ ਵੀ ਕੁੱਝ ਨਹੀਂ ਹੋ ਰਿਹਾ। ਅਮਨ-ਕਾਨੂੰਨ ਦੀ ਸਥਿਤੀ 'ਤੇ ਚਰਚਾ ਲਈ ਵਿਰੋਧੀ ਧਿਰਾਂ ਵੱਲੋਂ 15 ਦਿਨ ਸੈਸ਼ਨ ਹੋਰ ਵਧਾਉਣ ਦੀ ਮੰਗ ਲੈ ਕੇ ਹੰਗਾਮਾ ਕੀਤਾ ਗਿਆ ਅਤੇ ਵਾਕ-ਆਊਟ ਕੀਤਾ ਗਿਆ। (ਨਵੀਨ ਸ਼ਰਮਾ ਦੀ ਰਿਪੋਰਟ) -PTC News