ਬਾਜਵਾ ਨੇ ਕੁਲਤਾਰ ਸਿੰਘ ਸੰਧਵਾ 'ਤੇ ਆਪਣੀਆਂ ਸੰਵਿਧਾਨਿਕ ਜ਼ਿੰਮੇਵਾਰੀਆਂ ਤੋਂ ਭੱਜਣ ਦੇ ਲਾਏ ਇਲਜ਼ਾਮ
ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ 'ਤੇ ਆਪਣੀਆਂ ਸੰਵਿਧਾਨਿਕ ਜ਼ਿੰਮੇਵਾਰੀਆਂ ਤੋਂ ਭੱਜਣ ਦਾ ਇਲਜ਼ਾਮ ਲਗਾਇਆ ਹੈ। ਬਾਜਵਾ ਨੇ ਕਿਹਾ ਕਿ ਸੰਵਿਧਾਨਿਕ ਪੋਸਟ 'ਤੇ ਬਿਰਾਜਮਾਨ ਰਾਸ਼ਟਰਪਤੀ ,ਉਪ ਰਾਸ਼ਟਪਤੀ, ਰਾਜਪਾਲ ਤੇ ਸਪੀਕਰ ਕਿਸੇ ਵੀ ਰਾਜਸੀ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਦੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਆਪ ਦੇ ਸਿਆਸੀ ਨੁਮਾਇੰਦੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਸਪੀਕਰ ਦਾ ਬੇਅਦਬੀ ਦੇ ਰੋਸ ਵਜੋਂ ਆਯੋਜਿਤ ਸਮਾਗਮ ਵਿਚ ਜਾਣਾ ਗੈਰਸੰਵਿਧਾਨਕ ਸੀ ਤੇ ਉਥੇ ਉਨ੍ਹਾਂ ਸਰਕਾਰ ਦਾ ਪੱਖ ਰੱਖਿਆ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੇਅਦਬੀ ਮਾਮਲਿਆਂ ਵਿਚ ਸਿੱਖਾਂ ਨੂੰ ਕੋਈ ਨਿਆਂ ਮਿਲਣ ਦੀ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਡੋਰ ਕੇਜਰੀਵਾਲ ਦੇ ਹੱਥ ਵਿੱਚ ਹੈ। ਬਾਜਵਾ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਤੇ ਰਿਹਾਈ ਦੇਣ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਪੂਰੀ ਭੂਮਿਕਾ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਤੇ ਹਰਿਆਣਾ ਵਿੱਚ ਡੇਰਾ ਸਿਰਸਾ ਦੀ ਮਦਦ ਲੈਣੀ ਹੈ।