CM ਭਗਵੰਤ ਮਾਨ ਭਲਕੇ ਕਰਨਗੇ ਦਿੱਲੀ ਦੇ ਸਕੂਲਾਂ ਤੇ ਕਲੀਨਿਕਾਂ ਦਾ ਦੌਰਾ, ਸਿੱਖਿਆ ਤੇ ਸਿਹਤ ਮੰਤਰੀ ਵੀ ਹੋਣਗੇ ਸ਼ਾਮਲ
ਚੰਡੀਗੜ੍ਹ: ਪੰਜਾਬ 'ਚ ਬਿਜਲੀ ਦੇ 300 ਯੂਨਿਟ ਮੁਫ਼ਤ ਦੇ ਐਲਾਨ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਹੋਰ ਵੱਡੇ ਐਲਾਨ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦਾ ਉਦੇਸ਼ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨਾ ਹੈ ਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਦਾ ਹੈ। ਮਾਨ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਵੀ ਹੋਣਗੇ | ਇਸ ਤੋਂ ਇਲਾਵਾ ਦੋਵਾਂ ਵਿਭਾਗਾਂ ਦੇ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਵੀ ਇਸ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਸਰਕਾਰੀ ਸਕੂਲਾਂ ਵਿੱਚ ਹੋਈਆਂ ਤਬਦੀਲੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਦੇ ਨਾਲ ਹੀ ਉਹ ਮੁਹੱਲਾ ਕਲੀਨਿਕਾਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਮਿਲੇਗੀ। ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਹੋਣਗੇ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਵਾਉਣਗੇ। ਇਹ ਵੀ ਪੜ੍ਹੋ: ਵੱਧਦੀਆਂ ਕੀਮਤਾਂ ਵਿਚਕਾਰ ਪੈਟਰੋਲ-ਡੀਜ਼ਲ ਦੀ ਵਿਕਰੀ 'ਚ ਆਈ ਗਿਰਾਵਟ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਬਣਾਇਆ ਜਾਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਦਿੱਲੀ ਪਹੁੰਚੀ ਸੀ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲਾਂ ਨੂੰ ਦੇਖਣ ਲਈ ਆਉਣਗੇ। ਇਸ ਦੇ ਲਈ ‘ਆਪ’ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਮਿਸਾਲ ਦਿੱਤੀ ਸੀ। ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ 16,000 ਪਿੰਡ ਅਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ 'ਆਪ' ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਦੀ ਵਿਵਸਥਾ ਨੂੰ ਸੁਧਾਰਨ ਦਾ ਭਰੋਸਾ ਦਿੱਤਾ ਸੀ। ਗੌਰਤਲਬ ਹੈ ਕਿ ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਸ਼ਨੀਵਾਰ ਨੂੰ ਸਾਰੇ ਵਰਗਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਜਨਤਾ ਨਾਲ ਇਹ ਅਹਿਮ ਗਰੰਟੀ ਸੀ। ਇਸ ਦੇ ਨਾਲ ਹੀ ਹੁਣ ਆਮ ਲੋਕਾਂ ਦੀਆਂ ਨਜ਼ਰਾਂ ਦੂਜੀਆਂ ਵੱਡੀਆਂ ਗਾਰੰਟੀਆਂ, 18 ਸਾਲ ਤੋਂ ਵੱਧ ਸਮਾਂ ਦੀਆਂ ਲੜਕੀਆਂ ਤੇ ਔਰਤਾਂ ਨੂੰ 1000 ਪ੍ਰਤੀ ਮਹੀਨਾ ਰਾਸ਼ੀ ਦੇਣ 'ਤੇ ਟਿਕ ਗਈਆਂ ਹਨ। -PTC News