ਭਗਵੰਤ ਮਾਨ 16 ਮਾਰਚ ਨੂੰ ਚੁੱਕਣਗੇ ਸਹੁੰ, ਨਵੇਂ ਚੁਣੇ ਗਏ ਵਿਧਾਇਕਾਂ ਦੀ ਪਲੇਠੀ ਮੀਟਿੰਗ ਸ਼ੁਰੂ
ਮੁਹਾਲੀ : ਪੰਜਾਬ ਵਿੱਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਸੰਭਾਵਿਤ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਇਥੇ ਵੱਡਾ ਸਮਾਗਮ ਕਰ ਕੇ ਭਗਵੰਤ ਮਾਨ ਤੇ ਸੰਭਾਵਿਤ ਕੈਬਨਿਟ ਮੰਤਰੀ ਸਹੁੰ ਚੁੱਕਣਗੇ। ਉਹ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਡੀ ਜਿੱਤ ਤੋਂ ਬਾਅਦ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਭਗਵੰਤ ਮਾਨ ਅੱਜ ਦਿੱਲੀ ਅਰਵਿੰਦ ਕੇਜਰੀਵਾਲ ਕੋਲ ਪੁੱਜ ਗਏ ਹਨ। ਇਸੇ ਵਿਚਕਾਰ ਨਵੇਂ ਚੁਣੇ ਵਿਧਾਇਕਾਂ ਦੀ ਪਲੇਠੀ ਮੀਟਿੰਗ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਇੱਥੋਂ ਦੇ ਫੇਜ-11 (ਸੈਕਟਰ-66) ਸਥਿਤ ਬੈਸਟੈੱਕ ਮਾਲ ਨੇੜਲੇ ਰੈਸਟੋਰੈਂਟ ਵਿੱਚ ਸ਼ੁਰੂ ਹੋਈ ਹੈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਦੀ ਚੋਣ ਕੀਤੀ ਜਾ ਸਕਦੀ ਹੈ। ਪਤਾ ਲੱਗਾ ਹੈ ਕਿ ਭਲਕੇ ਆਪ ਵਿਧਾਇਕ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ ਅਤੇ 16 ਮਾਰਚ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਕੈਬਨਿਟ ਨੂੰ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਖਟਕੜ ਕਲਾਂ ਵਿੱਚ ਕੀਤਾ ਜਾਵੇਗਾ। ਹਾਲਾਂਕਿ ਮੀਟਿੰਗ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਵੀ ਵਿਧਾਇਕਾਂ ਦਾ ਆਉਣਾ ਜਾਰੀ ਹੈ। ਇਹ ਵੀ ਪੜ੍ਹੋ : ਜਿੱਤ ਤੋਂ ਬਾਅਦ ਕੇਜਰੀਵਾਲ ਨੂੰ ਮਿਲੇ ਭਗਵੰਤ ਮਾਨ, ਜਾਣੋ ਪੰਜਾਬ ਦੀ ਸੰਭਾਵਿਤ ਕੈਬਨਿਟ