ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਰੁਪਿੰਦਰ ਕੌਰ ਰੂਬੀ ਕਾਂਗਰਸ 'ਚ ਹੋਈ ਸ਼ਾਮਿਲ
ਚੰਡੀਗੜ੍ਹ: ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ (Rupinder Kaur Ruby) ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਮਗਰੋਂ ਅੱਜ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਰੂਬੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਪਾਰਟੀ ਵਿਚ ਸ਼ਾਮਲ ਹੋਣ ਉਤੇ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਸਨਮਾਨ ਵਾਲੀ ਗੱਲ ਹੈ ਕਿ ਵਿਧਾਇਕ ਰੂਬੀ ਨੇ ਉਨ੍ਹਾਂ ਦੀ ਸਰਕਾਰ ਦੀਆਂ ਹਾਲ ਹੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ। ਉਨ੍ਹਾਂ ਨੇ ਰੂਬੀ ਵੱਲੋਂ ਆਪ ਨਾਲੋਂ ਨਾਤਾ ਤੋੜਨ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੋਣ ਦੇ ਦਾਅਵੇ ਕਰਕੇ ਅਸਲ ਵਿਚ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭਲੀ-ਭਾਂਤ ਅਹਿਸਾਸ ਹੋ ਗਿਆ ਹੈ ਕਿ ਅਸਲ ਵਿਚ ਕਾਂਗਰਸ ਹੀ ਸੂਬੇ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੰਜੀਦਾ ਹੈ। ਰੂਬੀ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਪਾਰਟੀ 'ਚੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਵਿਧਾਇਕ ਰੂਬੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ੀ ਹੋਈ ਹੈ ਕਿਉਂਕਿ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਹਕੀਕਤ ਵਿਚ ਕਾਂਗਰਸ ਹੀ ਆਮ ਆਦਮੀ ਦੀ ਪਾਰਟੀ ਹੈ। ਉਨ੍ਹਾਂ ਨੇ ਕਾਂਗਰਸ ਦੀ ਆਲ੍ਹਾ ਕਮਾਨ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ। -PTC News