ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ 'ਚ ਬਦਲਣ ਦੀ ਤਿਆਰੀ 'ਚ 'ਆਪ' ਸਰਕਾਰ
ਚੰਡੀਗੜ੍ਹ : ਪੰਜਾਬ ਵਿੱਚ ਬਣਨ ਵਾਲੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਖਬਰ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਬਣੇ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਬਦਲਣ ਦੀ ਤਿਆਰੀ ਖਿੱਚ ਲਈ ਗਈ ਹੈ। ਪੰਜਾਬ ਦੇ ਆਰਕੀਟੈਕਚਰ ਵਿਭਾਗ ਵੱਲੋਂ ਦਿੱਲੀ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਗਿਆ ਹੈ। ਪੰਜਾਬ ਆਰਕੀਟੈਕਚਰ ਵਿਭਾਗ ਦੀ ਮੁਖੀ ਮੈਡਮ ਸਪਨਾ ਨੇ ਟੀਮ ਨਾਲ ਦੌਰਾ ਕੀਤਾ ਸੀ ਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਸੀ। ਪੰਜਾਬ ਆਰਕੀਟੈਕਚਰ ਵਿਭਾਗ ਦੇ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਵੀ ਦਿੱਲੀ ਦੌਰੇ ਉਤੇ ਗਏ ਸਨ। ਸਿਹਤ ਵਿਭਾਗ ਤੇ ਪੰਜਾਬ ਆਰਕੀਟੈਕਚਰ ਵਿਭਾਗ ਵਿੱਚ ਲਗਭਗ ਸਹਿਮਤੀ ਬਣ ਗਈ ਹੈ। ਆਰਕੀਟੈਕਚਰ ਵਿਭਾਗ ਨੇ ਸੇਵਾ ਕੇਂਦਰਾਂ ਵਿੱਚ ਮੁਹੱਲਾ ਕਲੀਨਿਕ ਚਲਾਉਣ ਦੀ ਤਜਵੀਜ਼ ਭੇਜੀ ਹੈ। ਮਜ਼ਬੂਤ ਬੁਨਿਆਦੀ ਢਾਂਚੇ ਨਾਲ ਲੈਸ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਦਾ ਨਾਮ ਦਿੱਤਾ ਜਾ ਸਕਦਾ ਹੈ। ਮਾਨ ਸਰਕਾਰ ਫਿਲਹਾਲ ਹਰ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਵਿੱਚ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਚੋਣਾਂ ਤੋਂ ਪਹਿਲਾਂ ਹੀ ਵਾਅਦਾ ਕੀਤਾ ਸੀ ਕਿ ਜੇ ਪੰਜਾਬ ਵਿੱਚ 'ਆਪ' ਦੀ ਸਰਕਾਰ ਆਉਂਦੀ ਹੈ ਤਾਂ ਦਿੱਲੀ ਦੀ ਤਰਜ ਉਤੇ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਅਤੇ ਲੋਕਾਂ ਨੂੰ ਉਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਇਸ ਗਾਰੰਟੀ ਤਹਿਤ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਕਲੀਨਿਕਾਂ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿੱਚ ਇਕ ਵਿਧਾਨ ਸਭਾ ਹਲਕੇ ਵਿੱਚ ਇਕ ਕਲੀਨਿਕ ਮੁਹੱਲਾ ਖੋਲ੍ਹਣ ਦਾ ਐਲਾਨ ਕੀਤਾ ਸੀ। ਇਹ ਵੀ ਪੜ੍ਹੋ : ਮਨੀ ਐਕਸਚੇਂਜ ਦੁਕਾਨ 'ਤੇ ਲੁੱਟ ਦੀ ਕੋਸ਼ਿਸ਼, ਲੁਟੇਰੇ ਮੌਕੇ 'ਤੇ ਕੀਤੇ ਕਾਬੂ, ਵੀਡੀਓ ਵਾਇਰਲ