ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ
ਚੰਡੀਗੜ੍ਹ: ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਨੇ ਡਰੱਗ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਵੀ ਲਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਇਸ ਫੈਸਲੇ ਨਾਲ ਪੰਜਾਬ ਦੀ ਚਰਨਜੀਤ ਚੰਨੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ.ਚਿਦੰਬਰਮ ਨੇ ਸੁਣਵਾਈ ਤੋਂ ਪਹਿਲਾਂ ਬਹਿਸ ਕੀਤੀ। ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਚਿਦੰਬਰਮ ਨੇ ਕਰੀਬ 45 ਮਿੰਟ ਤੱਕ ਬਹਿਸ ਕੀਤੀ। ਇਸ ਦੇ ਬਾਵਜੂਦ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਈ।
ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ 'ਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ 'ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ 'ਚ ਜਵਾਬ ਦਾਖਲ ਕੀਤਾ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਪਟੀਸ਼ਨ 'ਤੇ ਸੁਣਵਾਈ 10 ਜਨਵਰੀ ਤੱਕ ਟਾਲ ਦਿੱਤੀ ਸੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿਚ ਅਗਾਊ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਮੁਹਾਲੀ ਅਦਾਲਤ ਨੇ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ।
ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। -PTC News