ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਕਾਂਗਰਸ ਨੂੰ ਮੁੜ ਲਪੇਟੇ 'ਚ ਲਿਆ। ਪ੍ਰੈੱਸ ਵਾਰਤਾ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਕੁਰਸੀ ਮਿਲੀ ਤਾਂ ਹੀ ਉਹ ਕੁਝ ਕਰਨਗੇ। ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਨੂੰ ਲਪੇਟੇ 'ਚ ਲੈਂਦੇ ਹੋਏ ਉਸ 'ਤੇ ਕਈ ਨਿਸ਼ਾਨੇ ਵਿੰਨ੍ਹੇ।
ਮਜੀਠੀਆ ਨੇ ਕਿਹਾ ਕਿ ਸਿੱਧੂ ਵੱਲੋਂ ਹੁਣ ਤੱਕ ਆਪਣੇ ਹਲਕੇ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਤੇ ਹਲਕੇ ਦਾ ਕੋਈ ਕੰਮ ਨਹੀਂ ਕੀਤਾ ਗਿਆ। ਮਜੀਠੀਆ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਨਾ ਐਲਾਨਿਆ ਗਿਆ ਤਾਂ ਸਿੱਧੂ ਦੀ ਹਾਲਤ ਵਿਗੜ ਸਕਦੀ ਹੈ ਤੇ ਪ੍ਰਸ਼ਾਸ਼ਨ ਨੂੰ ਇਸ ਲਈ ਚੌਕਸ ਰਹਿਣਾ ਚਾਹੀਦਾ ਹੈ ਤੇ ਏਅਰ ਐਂਬੂਲੈਂਸ ਤਿਆਰ ਰੱਖਣੀ ਚਾਹੀਦੀ ਹੈ। ਇਸ ਮੌਕੇ ਸੁਨੀਲ ਜਾਖੜ ਦੇ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਮਜੀਠੀਆ ਦਾ ਕਹਿਣਾ ਸੀ ਕਿ ਜਾਖੜ ਨੂੰ ਮੁੱਖ ਮੰਤਰੀ ਨਾ ਬਣਾ ਕੇ ਹਿੰਦੂ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ।
ਕਾਂਗਰਸ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ 'ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਕਾਂਗਰਸ ਨੇ 42 ਵੋਟਾਂ ਵਾਲੇ ਸ਼ਖ਼ਸ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ, ਕਿਉਂਕਿ ਉਹ ਸ਼ਖ਼ਤ ਹਿੰਦੂ ਧਰਮ ਨਾਲ ਸਬੰਧ ਰੱਖਦਾ ਹੈ। ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਅਜਿਹਾ ਫ਼ੈਸਲਾ ਕਰਕੇ ਸਹੀ ਨਹੀਂ ਕੀਤਾ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਕੋਲ ਪੰਜਾਬ ਦਾ ਕੋਈ ਮਾਡਲ ਨਹੀਂ। ਇਸ ਕੋਲ ਜੋ ਵੀ ਮਾਡਲ ਹੈ, ਉਹ ਧੋਖੇ ਦਾ ਮਾਡਲ ਹੈ।
ਇਥੇ ਪੜ੍ਹੋ ਹੋਰ ਖ਼ਬਰਾਂ: ਪਠਾਨਕੋਟ 'ਚ BJP ਦੀ ਰੈਲੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹੋਇਆ ਵੱਡਾ ਹਮਲਾ
ਦੱਸ ਦੇਈਏ ਕਿ ਇਸ ਮੌਕੇ ਮਜੀਠੀਆ ਨੇ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਆਗੂ ਅਕਾਲੀ ਦਲ 'ਚ ਸ਼ਾਮਲ ਕੀਤੇ। ਇਸ ਮੌਕੇ ਕੈਪਟਨ ਬਿਕਰਮ ਸਿੰਘ ਪਹੂਵਿੰਡ ਨੂੰ ਵੀ ਅਕਾਲੀ ਦਲ 'ਚ ਸ਼ਾਮਲ ਕੀਤਾ ਗਿਆ।
-PTC News