ਬਿਕਰਮ ਸਿੰਘ ਮਜੀਠੀਆ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਪੁਰਜ਼ੋਰ ਅਪੀਲ
ਬਾਬਾ ਬਕਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਕਿਹਾ ਕਿ ਬੰਦੀ ਸਿੰਘਾਂ ਨੂੰ ਵੀ ਪਰਿਵਾਰਾਂ ਕੋਲ ਪਰਤਣ ਦਾ ਪੂਰਾ ਅਧਿਕਾਰ ਹੈ ਕਿਉਂਕਿ ਉਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆ ਹਨ।ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਚ ਸੰਗਤ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਉਨ੍ਹਾਂ ਦੀ ਸਲਾਮਤੀ ਲਈ ਅਰਦਾਸਾਂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੰਗਤ ਦੀਆਂ ਅਰਦਾਸਾਂ ਦੇ ਸਦਕਾ ਹੀ ਉਨ੍ਹਾਂ ਨੂੰ ਝੂਠੇ ਕੇਸ ਵਿਚੋਂ ਜ਼ਮਾਨਤ ਮਿਲੀ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਨੂੰ ਸੰਵਿਧਾਨ ਅਨੁਸਾਰ ਚਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਮਰ ਕੈਦ ਪੂਰੀ ਕਰਨ ਦੇ ਬਾਵਜੂਦ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਸਾਡੀਆਂ ਅਰਦਾਸਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਜਲਦ ਹੋਵੇਗੀ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ, ਬੇਅਦਬੀ ਅਤੇ ਸਿੱਖਾਂ ਦੀ ਨਸਲਕੁਸ਼ੀ ਵਰਗੀਆਂ ਭੜਕਾਊ ਘਟਨਾਵਾਂ ਤੋਂ ਪ੍ਰਭਾਵਿਤ ਹੋ ਕੇ ਕਾਰਵਾਈਆਂ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਹੈ ਕਿ ਭਾਈ ਰਾਜੋਆਣਾ ਬਹੁਤ ਔਖੇ ਹਾਲਾਤਾਂ ਵਿਚੋਂ ਲੰਘ ਰਹੇ ਹਨ। ਉਨ੍ਹਾਂ ਦੀ ਰਿਹਾਈ ਬੇਹੱਦ ਜ਼ਰੂਰੀ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੀ ਬਦਲਾਖੋਰੀ ਦੀ ਰਾਜਨੀਤੀ ਦੀ ਗੱਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸਦਾ ਕਦੇ ਲਾਭ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਭੱਜ ਗਏ ਹਨ ਅਤੇ ਵਾਪਸ ਨਹੀਂ ਪਰਤ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੁੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਠੇਕੇ ਉੱਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ। ਮਹਿੰਗਾਈ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਆਮ ਆਦਮੀ ਮਹਿੰਗਾਈ ਕਾਰਨ ਪਿਸ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ’ਤੇ ਸੂਬੇ ਦਾ ਵੈਟ ਘਟਾਉਣ ਤੋਂ ਨਾਂਹ ਕਰ ਦਿੱਤੀ ਹੈ ਅਤੇ ਗੰਨਾ ਕਿਸਾਨਾਂ ਨੂੰ ਆਪਣੀ ਫਸਲ ਦਾ ਬਕਾਇਆ ਰਾਸ਼ੀ ਨਹੀਂ ਮਿਲ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ’ਤੇ ਸੀਬੀਆਈ ਦੇ ਛਾਪੇ ਬਾਰੇ ਕਿਹਾ ਹੈ ਕਿ ਦਿੱਲੀ ਦੀ ਨੁਕਸਦਾਰ ਆਬਕਾਰੀ ਨੀਤੀ ਜੋ ਪੰਜਾਬ ਵਿਚ ਵੀ ਲਾਗੂ ਕੀਤੀ ਗਈ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ;ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿਗ, ਮੁੱਖ ਮੰਗਾਂ ‘ਤੇ ਬਣੀ ਸਹਿਮਤੀ -PTC News