ਪੰਜਾਬ 'ਚ ਕਾਰੋਬਾਰ ਕਰਨਾ ਆਸਾਨ ਬਣਾਵੇਗੀ ਭਾਜਪਾ: ਰਾਜਨਾਥ ਸਿੰਘ
ਹੁਸ਼ਿਆਰਪੁਰ: ਸੀਨੀਅਰ ਭਾਜਪਾ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਕਾਰੋਬਾਰ ਕਰਨ ਨੂੰ ਸੌਖਾ ਬਣਾਉਣਾ ਚਾਹੁੰਦੀ ਹੈ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਵੀ ਦ੍ਰਿੜ ਹੈ।
ਇਹ ਵੀ ਪੜ੍ਹੋ: ਸਿੱਧੂ ਦਾ ਕਾਂਗਰਸ ਲੀਡਰਸ਼ਿਪ 'ਤੇ ਤਿੱਖਾ ਹਮਲਾ ਕਿਹਾ "ਪੰਜਾਬ ਲਈ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ"
ਦਸੂਹਾ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲਾ ਪੰਜਾਬ 'ਕਾਰੋਬਾਰ ਕਰਨ ਵਿੱਚ ਸੌਖ' ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 19ਵੇਂ ਸਥਾਨ 'ਤੇ ਹੈ ਜਦਕਿ ਭਾਜਪਾ ਦੀ ਅਗਵਾਈ ਵਾਲਾ ਉੱਤਰ ਪ੍ਰਦੇਸ਼ ਦੂਜੇ ਨੰਬਰ 'ਤੇ ਹੈ।
ਉਨ੍ਹਾਂ ਕਿਹਾ ਕਿ "ਕਾਂਗਰਸ ਨੇ ਪੰਜਾਬ ਨੂੰ ਟੋਸ ਸਮਝ ਕੇ ਰੱਖਿਆ ਹੈ। ਦੂਜੇ ਪਾਸੇ ਭਾਜਪਾ ਨੇ ਯੂਪੀ ਨੂੰ ਵਿਕਾਸ ਦੇ ਰਾਹ 'ਤੇ ਤੋਰਿਆ ਹੈ। ਜਿਸ ਤਰ੍ਹਾਂ ਦਾ ਨਿਵੇਸ਼ ਪੰਜਾਬ 'ਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਹੋਣਾ ਚਾਹੀਦਾ ਸੀ ਉਹ ਨਹੀਂ ਹੋਇਆ।"
ਨਸ਼ਿਆਂ ਅਤੇ ਬੇਅਦਬੀ ਨੂੰ ਲੈ ਕੇ ਪੰਜਾਬ ਸਰਕਾਰ ਦੇ ‘ਭ੍ਰਿਸ਼ਟ ਤਰੀਕਿਆਂ’ ਦੀ ਨਿੰਦਾ ਕਰਦਿਆਂ ਸਿੰਘ ਨੇ ਵਾਅਦਾ ਕੀਤਾ ਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਇਨ੍ਹਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ ਦੀ ਘਟਨਾ ਦਾ ਸੰਦਰਭ ਦਿੰਦੇ ਹੋਏ, ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ "ਮਾੜੀ" ਕਿਹਾ। ਉਨ੍ਹਾਂ ਅੱਗੇ ਕਿਹਾ “ਕਿਸੇ ਰਾਜ ਨੂੰ ਖੁਸ਼ਹਾਲ ਕਰਨ ਲਈ, ਇਹ ਜ਼ਰੂਰੀ ਹੈ ਕਿ ਉਥੇ ਕਾਨੂੰਨ ਅਤੇ ਵਿਵਸਥਾ ਸਿਹਤਮੰਦ ਹੋਵੇ।"
ਕੇਂਦਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਿੰਘ ਨੇ ਕਿਹਾ ਕਿ "ਅਸੀਂ ਭਾਰਤ ਨੂੰ ਦੁਨੀਆ ਦੀ ਮਹਾਂਸ਼ਕਤੀ ਬਣਾਉਣਾ ਚਾਹੁੰਦੇ ਹਾਂ, ਦੂਜਿਆਂ 'ਤੇ ਰਾਜ ਕਰਨ ਲਈ ਨਹੀਂ, ਸਗੋਂ ਸਾਡੇ ਲਈ। ਪੂਰੀ ਦੁਨੀਆ ਇਕ ਪਰਿਵਾਰ ਹੈ। ਅਸੀਂ ਕਦੇ ਵੀ ਕਿਸੇ ਦੇਸ਼ ਦੀ ਜ਼ਮੀਨ 'ਤੇ ਕਬਜ਼ਾ ਨਹੀਂ ਕਰਨਾ ਚਾਹੁੰਦੇ ਹਾਂ। ਭਾਰਤ ਨੂੰ ਵਿਸ਼ਵ ਕਲਿਆਣ ਲਈ ਇੱਕ ਮਹਾਂਸ਼ਕਤੀ ਬਣਾਓ।"
ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਪੰਜਾਬ ਚੋਣਾਂ ਲੜ ਰਹੀ ਹੈ। ਇਹ ਗਠਜੋੜ ਵਿੱਚ ਸਭ ਤੋਂ ਵੱਡੀ ਪਾਰਟੀ ਹੈ। ਇਸੀ ਦੇ ਨਾਲ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਨੇ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਚੋਣ 2022: 'ਮੰਜਾ' ਬਣਿਆ ਸੰਯੁਕਤ ਸਮਾਜ ਮੋਰਚੇ ਦਾ ਚੋਣ ਨਿਸ਼ਾਨ
ਚੋਣ ਕਮਿਸ਼ਨ ਨੇ ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਜਨਤਕ ਮੀਟਿੰਗਾਂ ਵਿੱਚ ਕੁਝ ਢਿੱਲ ਦਿੱਤੀ ਹੈ। ਇਸ ਨੇ 1,000 ਲੋਕਾਂ ਨਾਲ ਜਨਤਕ ਮੀਟਿੰਗਾਂ ਦੀ ਇਜਾਜ਼ਤ ਦਿੱਤੀ ਹੈ।
-PTC News