36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸੰਬੰਧੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਅੰਜਾਮ ਦੇਣ ਲਈ ਕੈਬਨਿਟ ਸਬ-ਕਮੇਟੀ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿੱਚ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਈ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ। ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਕੇਸ ਪੈਂਡਿੰਗ ਹਨ। ਮੁਲਾਜ਼ਮਾਂ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਫੈਸਲੇ ਤੋਂ ਬਾਅਦ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਇਨ੍ਹਾਂ ਸਾਰੇ ਪਹਿਲੂਆਂ ਨੂੰ ਘੋਖ ਕੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੇਗੀ ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਮੁੜ ਅੱਜ ਅੰਮ੍ਰਿਤਸਰ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਵੱਡੀ ਗਿਣਤੀ 'ਚ ਪੁਲੀਸ ਫੋਰਸ ਤੈਨਾਤ
ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਫਾਈਲ ਪਾਸ ਕਰਕੇ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਹਾਲਾਂਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਰਾਜਪਾਲ ਨੇ ਸਿਆਸੀ ਕਾਰਨਾਂ ਕਰਕੇ ਫਾਈਲ ਨੂੰ ਰੋਕਿਆ ਸੀ। ਇਸ 'ਤੇ ਰਾਜਪਾਲ ਦਫਤਰ ਨੂੰ ਕਿਹਾ ਗਿਆ ਕਿ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਸਰਕਾਰ ਕਈ ਕਾਨੂੰਨੀ ਇਤਰਾਜ਼ਾਂ 'ਤੇ ਸਥਿਤੀ ਸਾਫ ਕਰੇ ਜਿਸ ਤੋਂ ਬਾਅਦ ਮਾਮਲਾ ਭਖ ਗਿਆ।
-PTC News