ਸੁਰਜੀਤ ਸਿੰਘ ਰੱਖੜਾ ਨੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਕੋਲ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ
ਗਗਨਦੀਪ ਸਿੰਘ ਅਹੂਜਾ, (ਪਟਿਆਲਾ, 20 ਸਤੰਬਰ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਕੋਲ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਬੀਤੇ ਦਿਨੀਂ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਭਾਰਤੀ ਜਨਤਾ ਪਾਰਟੀ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਕੋਲ ਰੱਖੜਾ ਵੱਲੋਂ ਇਹ ਮੁੱਦਾ ਚੁੱਕਿਆ ਗਿਆ। ਰੱਖੜਾ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਇਹ ਬੰਦੀ ਸਿੰਘ ਤੀਹ ਸਾਲਾਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ 'ਚ ਬੰਦ ਹਨ ਅਤੇ ਇਨ੍ਹਾਂ ਨੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਲਈਆਂ ਪਰ ਫੇਰ ਵੀ ਬੰਦੀ ਸਿੰਘ ਅਜੇ ਤੱਕ ਛੱਡੇ ਨਹੀਂ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਉਨ੍ਹਾਂ ਦੀ ਗੱਲ ਦਾ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਇਹ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਣਗੇ। ਇਸ ਤੋਂ ਇਲਾਵਾ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਹ ਪਟਿਆਲਾ ਦੇ ਖਾਲਸਾ ਕਾਲਜ ਦੇ ਆਨਰੇਰੀ ਸਕੱਤਰ ਹਨ ਅਤੇ ਕੇਂਦਰੀ ਐਨਰਜੀ ਮੰਤਰੀ ਕੋਲ ਉਨ੍ਹਾਂ ਨੇ ਖ਼ਾਲਸਾ ਕਾਲਜ ਵਿਖੇ ਸੋਲਰ ਪਾਵਰ ਪ੍ਰੋਜੈਕਟ ਲਗਾਉਣ ਦੀ ਵੀ ਬੇਨਤੀ ਕੀਤੀ। ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਛੇ ਮਹੀਨਿਆਂ ਦੌਰਾਨ ਆਮ ਆਦਮੀ ਦੀ ਪਾਰਟੀ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਕੈਪਟਨ ਅਮਰਿੰਦਰ ਸਿੰਘ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ 'ਤੇ ਟਿੱਪਣੀ ਕਰਦਿਆਂ ਰੱਖੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਨਿੱਜੀ ਫ਼ਾਇਦੇ ਲਈ ਭਾਰਤੀ ਜਨਤਾ ਪਾਰਟੀ ਵਿੱਚ ਗਏ ਹਨ। ਐਸਵਾਈਐਲ ਦੇ ਮੁੱਦੇ ਉੱਤੇ ਬੋਲਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਵੀ ਪਾਣੀ ਦੇਣ ਦੇ ਲਈ ਇੱਕ ਤੁਪਕਾ ਵੀ ਫਾਲਤੂ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੁਕਤਾਚੀਨੀ ਕੀਤੀ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਪਾਆਂ ਦੇ ਮਸਲੇ ਬਾਰੇ ਕੁੱਝ ਵੀ ਨਾ ਬੋਲਣਾ ਭਗਵੰਤ ਸਿੰਘ ਮਾਨ ਦਾ ਪੰਜਾਬ ਪ੍ਰਤੀ ਪਿਆਰ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਹਿਸਾਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਪ੍ਰਤੀ ਇੱਕ ਸ਼ਬਦ ਵੀ ਮੂੰਹੋਂ ਨਹੀਂ ਕੱਢਿਆ। ਇਹ ਵੀ ਪੜ੍ਹੋ: ਵਿਸ਼ਵ ਬੈਂਕ ਵੱਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਨੁਮਾਇੰਦਾ ਜਮਾਤ ਹੈ ਅਤੇ ਜਦੋਂ ਵੀ ਚੋਣਾਂ ਹੋਣਗੀਆਂ ਸ਼੍ਰੋਮਣੀ ਅਕਾਲੀ ਦਲ ਇਸ ਵਿੱਚ ਜਿੱਤ ਹਾਸਲ ਕਰੇਗਾ। -PTC News