ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਭਗਵੰਤ ਮਾਨ ਸਰਕਾਰ 'ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 1 ਅਕਤੂਬਰ: ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੋਕ ਕਾਂਗਰਸ ਪਾਰਟੀ ਨੂੰ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਸੀ। ਹੁਣ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਰ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਪਟਿਆਲਾ ਦੇ ਮੌਜੂਦਾ ਮੇਅਰ ਸੰਜੀਵ ਸ਼ਰਮਾ, ਡਿਪਟੀ ਮੇਅਰ ਅਤੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਕੈਪਟਨ ਨੇ ਆਪਣੇ ਸਾਥੀ ਆਗੂਆਂ ਦਾ ਭਾਜਪਾ ਵਿੱਚ ਆਉਣ ’ਤੇ ਸਵਾਗਤ ਕੀਤਾ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣਾ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣਾ ਪੰਜਾਬ ਸਰਕਾਰ ਦਾ ਕੰਮ ਹੈ। ਪੰਜਾਬ ਪਹਿਲਾਂ ਵੀ ਅੱਤਵਾਦ ਦੀ ਮਾਰ ਝੱਲ ਚੁੱਕਿਆ ਜਿਸਦਾ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ, ਹੁਣ ਪੰਜਾਬ ਦੇ ਲੋਕ ਮੁੜ ਅਜਿਹਾ ਮਾਹੌਲ ਨਹੀਂ ਚਾਹੁੰਦੇ। ਕੈਪਟਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪਾਕਿਸਤਾਨ ਪੰਜਾਬ 'ਚ ਅੱਤਵਾਦ ਫੈਲਾ ਰਿਹਾ ਹੈ। ਪਾਕਿਸਤਾਨ ਤੋਂ ਹਰ ਰੋਜ਼ ਡਰੋਨ ਭੇਜੇ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਜਦੋਂ ਉਹ ਸਰਕਾਰ ਵਿੱਚ ਸਨ ਤਾਂ ਵੀ ਡਰੋਨ ਆਉਂਦੇ ਸਨ। ਉਨ੍ਹਾਂ ਨੇ ਇਹ ਮੁੱਦਾ ਉਠਾਇਆ ਪਰ ਕੁੱਝ ਲੋਕ ਕਹਿੰਦੇ ਸਨ ਕਿ ਕੈਪਟਨ ਸਿਰਫ ਡਰੋਨ ਦੇਖਦੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਡਰੋਨ ਦਾਖਲ ਹੋਣ ਲੱਗੇ ਹਨ। ਇਨ੍ਹਾਂ ਵਿੱਚ ਹਥਿਆਰ ਅਤੇ ਨਸ਼ੇ ਆ ਰਹੇ ਹਨ। ਇਹ ਸੂਬੇ ਲਈ ਖਤਰਨਾਕ ਹੈ। ਕੈਪਟਨ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸੂਬਾ ਸਰਕਾਰ ਦਾ ਕੰਮ ਹੈ। ਸੰਵਿਧਾਨ ਅਨੁਸਾਰ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਜੇਕਰ ਸੂਬਾ ਸਰਕਾਰ ਇਸ ਵਿੱਚ ਅਸਫਲ ਰਹਿੰਦੀ ਹੈ ਤਾਂ ਕੇਂਦਰ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਇਹ ਵੀ ਪੜ੍ਹੋ: ਮੰਡੀਆਂ ਦੇ ਖਰਾਬ ਪ੍ਰਬੰਧਾਂ ਤੋਂ ਕਿਸਾਨ ਨਿਰਾਸ਼ ਬੀਤੇ ਦਿਨ ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਫਰਜ਼ੀ ਸੀਐੱਮ ਕਹਿਣ 'ਤੇ ਕੈਪਟਨ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਮੁੱਖ ਮੰਤਰੀ ਰਹੇ ਹਨ। ਜੇਕਰ ਉਹ ਫਰਜ਼ੀ ਸੀ ਤਾਂ ਮਾਨ ਨੇ ਪਹਿਲਾਂ ਹੰਗਾਮਾ ਕਿਉਂ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਇਹ ਸਭ ਡਰਾਮੇ ਹਨ। -PTC News