ਕੈਪਟਨ ਅਮਰਿੰਦਰ ਦੀ 'ਪੰਜਾਬ ਲੋਕ ਕਾਂਗਰਸ' ਦਾ 'ਭਾਜਪਾ' 'ਚ ਰਲਣਾ ਤਹਿ - ਸੂਤਰ
ਪਟਿਆਲਾ, 16 ਸਤੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ) ਦਾ ਸੋਮਵਾਰ, 19 ਸਤੰਬਰ, ਨੂੰ ਭਾਰਤੀ ਜਨਤਾ ਪਾਰਟੀ 'ਚ ਰਲੇਵਾਂ ਹੋਣਾ ਤਹਿ ਹੈ। ਇਸ ਤਹਿਤ ਹੁਣ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਉਨ੍ਹਾਂ ਨਾਲ 6 ਜਾਂ 7 ਸਾਬਕਾ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਦੋਹਤਾ ਨਿਰਵਾਨ ਸਿੰਘ ਵੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਪਿਛਲੇ ਦੋ ਮਹੀਨਿਆਂ ਤੋਂ ਪੀ.ਐਲ.ਸੀ ਦੀ ਭਾਜਪਾ ਵਿੱਚ ਰਲੇਵੇਂ ਦੀਆਂ ਖ਼ਬਰਾਂ ਸਿਆਸੀ ਗਲੀਆਰਿਆਂ ਦੀਆਂ ਚਹਿਲ ਪਹਿਲ ਬਣੀਆਂ ਹੋਈਆਂ ਹਨ। ਪਿਛਲੇ ਦਿਨੀਂ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਵੀ ਕੀਤੀ ਸੀ। ਉਦੋਂ ਤੋਂ ਹੀ ਪੀ.ਐਲ.ਸੀ ਦੀ ਭਾਜਪਾ 'ਚ ਰਲੇਵੇਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਤੇ ਹਾਲ ਹੀ 'ਚ ਹੋਈ ਪਾਰਟੀ ਪ੍ਰਧਾਨਾਂ ਦੀ ਮੁਲਾਕਾਤਾਂ ਤੋਂ ਬਾਅਦ ਇਨ੍ਹਾਂ ਖ਼ਬਰਾਂ ਉੱਤੇ ਮੋਹਰ ਲੱਗ ਗਈ ਸੀ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਪੀ.ਐਲ.ਸੀ ਦੇ ਵਰਕਰ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਚਿੰਤਤ ਤੇ ਭੰਬਲਭੂਸੇ ਵਿੱਚ ਸਨ, ਜਿਨ੍ਹਾਂ ਲਈ ਉਨ੍ਹਾਂ ਦੀ ਪਾਰਟੀ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਵੱਡੀ ਰਾਹਤ ਸਾਬਿਤ ਹੋਣ ਵਾਲੀ ਹੈ। ਮੋਤੀ ਬਾਗ਼ ਮਹਿਲ ਦੇ ਨਜ਼ਦੀਕੀ ਸੂਤਰਾਂ ਨੇ ਖ਼ੁਲਾਸਾ ਕੀਤਾ ਕਿ ਕੈਪਟਨ ਅਮਰਿੰਦਰ 19 ਸਤੰਬਰ ਨੂੰ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਕੈਪਟਨ ਅਮਰਿੰਦਰ ਸਿੰਘ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਜ਼ਦੀਕੀ ਰਹੇ ਹਨ ਅਤੇ 2002 ਤੇ 2017 ਵਿੱਚ ਦੋ ਵਾਰ ਪੰਜਾਬ ਕਾਂਗਰਸ ਪ੍ਰਧਾਨ ਵੀ ਰਹੇ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਦੇ ਕੁੱਝ ਨੇਤਾਵਾਂ ਵੱਲੋਂ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਚੁਨੌਤੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਤੋਂ ਗੈਰ ਰਸਮੀ ਤੌਰ 'ਤੇ ਬਾਹਰ ਹੋਣਾ ਪਿਆ ਸੀ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਸਿਰਫ਼ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ ਗਿਆ, ਜਿਸ ਵਿਚ ਕਾਂਗਰਸ ਪਾਰਟੀ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੈਪਟਨ ਦੇ ਕੁੱਝ ਵਫ਼ਾਦਾਰ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਸਾਲ ਦੇ ਸ਼ੁਰੂ ਵਿੱਚ ਪਾਰਟੀ ਹਾਈਕਮਾਂਡ ਦੇ ਹੱਥੋਂ ਦੁਰਵਿਵਹਾਰ ਦਾ ਅਫ਼ਸੋਸ ਜ਼ਾਹਿਰ ਕਰਦਿਆਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। - ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ -PTC News