ਡੇਰਾ ਮੁਖੀ ਖਿਲਾਫ਼ ਫਰੀਦਕੋਟ ਅਦਾਲਤ 'ਚ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ: ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਫਰੀਦਕੋਟ ਅਦਾਲਤ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਦੱਸਦੇਈਏ ਕਿ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਦਰਜ FIR ਨੰਬਰ 63 ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਵਿਸ਼ੇਸ਼ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਹੁਣ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਫਰੀਦਕੋਟ ਦੇ ਬਾਜਾਖਾਨਾ ਥਾਣੇ 'ਚ ਸਾਲ 2015 ਵਿੱਚ ਪਾਵਨ ਸਰੂਪ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 9 ਹੋਰ ਮੁਲਜ਼ਮਾਂ ਖਿਲਾਫ਼ ਨਵੀਂ ਚਾਰਜਸ਼ੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਵੱਲੋਂ ਜਾਂਚ ਕੀਤੀ ਗਈ। ਇਸ ਸਮੇਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਬਲਾਤਕਾਰ ਅਤੇ ਕਤਲ ਦੇ ਦੋ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ। ਉਹ ਰੋਹਤਕ ਜੇਲ੍ਹ ਵਿੱਚ ਬੰਦ ਹੈ। ਇਹ ਵੀ ਪੜ੍ਹੋ:ਸੰਯੁਕਤ ਸਮਾਜ ਮੋਰਚਾ ਨੇ 12 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ -PTC News