ਲਖੀਮਪੁਰ ਮਾਮਲੇ 'ਚ ਚਾਰਜਸ਼ੀਟ ਦਾਖ਼ਲ, ਆਸ਼ੀਸ਼ ਮਿਸ਼ਰਾ ਨੂੰ ਦੱਸਿਆ ਮੁੱਖ ਦੋਸ਼ੀ
Lakhimpur Violence: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਅੱਜ 90 ਦਿਨ ਪੂਰੇ ਹੋ ਗਏ ਹਨ। ਐਸਆਈਟੀ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਐਸਆਈਟੀ ਦੇ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਚਾਰਜਸ਼ੀਟ 5000 ਪੰਨਿਆਂ ਦੀ ਹੈ। ਇਸ ਚਾਰਜਸ਼ੀਟ ਵਿੱਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ ਦੋਸ਼ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਇੱਕ ਪੱਤਰਕਾਰ ਸਮੇਤ 8 ਲੋਕ ਮਾਰੇ ਗਏ ਸਨ। ਇਸ ਸਬੰਧੀ ਦੋਵਾਂ ਧਿਰਾਂ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਸੀ। ਐਸਆਈਟੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ SIT ਨੇ CJM ਕੋਰਟ 'ਚ ਚਾਰਜਸ਼ੀਟ ਦਾਖਲ ਕੀਤੀ ਹੈ। ਜਾਂਚ ਅਧਿਕਾਰੀ ਨੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਅਨੁਸਾਰ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇੱਕ ਜੀਪ ਅਤੇ ਐਸਯੂਵੀ ਨੇ ਕੁਚਲ ਦਿੱਤਾ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਚਾਰਜਸ਼ੀਟ 'ਚ ਵਰਿੰਦਰ ਸ਼ੁਕਲਾ ਦਾ ਨਾਂ ਵਧਾਇਆ ਗਿਆ ਹੈ। ਸ਼ੁਕਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਕਰੀਬੀ ਹਨ। ਪਹਿਲਾਂ 13 ਦੋਸ਼ੀ ਸੀ, ਹੁਣ 14 ਹੋ ਗਏ ਹਨ। ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ 6 ਜਨਵਰੀ ਨੂੰ ਸੁਣਵਾਈ ਹੋਣੀ ਸੀ। ਨਿਯਮਾਂ ਮੁਤਾਬਕ ਘਟਨਾ ਦੇ 90 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਨਾ ਹੋਣ 'ਤੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਸਕਦੀ ਹੈ। ਹਾਲਾਂਕਿ ਪੁਲਿਸ ਨੇ ਪਹਿਲਾਂ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ। ਇਸ ਨਾਲ ਹੁਣ ਆਸ਼ੀਸ਼ ਮਿਸ਼ਰਾ ਦੀਆਂ ਮੁਸ਼ਕਿਲਾਂ ਵਧਣੀਆਂ ਤੈਅ ਹਨ। ਇਸ ਤੋਂ ਪਹਿਲਾਂ ਐਸਆਈਟੀ ਨੇ ਵੀ ਆਪਣੀ ਜਾਂਚ ਵਿੱਚ ਆਸ਼ੀਸ਼ ਮਿਸ਼ਰਾ ਨੂੰ ਘਟਨਾ ਦੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਆਪਣੀ ਜਾਂਚ ਵਿੱਚ ਆਸ਼ੀਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਇਆ ਸੀ। ਐਸਆਈਟੀ ਨੇ ਅਦਾਲਤ ਨੂੰ ਧਾਰਾਵਾਂ ਨੂੰ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। ਐਸਆਈਟੀ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ਤੋਂ ਅਤੇ ਇਲੈਕਟ੍ਰਾਨਿਕ ਯੰਤਰਾਂ ਰਾਹੀਂ ਮਿਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਨੇ ਗਲਤ ਇਰਾਦੇ ਨਾਲ ਘਟਨਾ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਐਸਆਈਟੀ ਬਣਾ ਕੇ ਜਾਂਚ ਸ਼ੁਰੂ ਕੀਤੀ ਗਈ। -PTC News