ਚੀਮਾ ਦਾ ਬਿਆਨ ਦਿੱਲੀ ਘੁਟਾਲਿਆਂ ਦਾ ਸੇਕ ਪੰਜਾਬ 'ਚ ਆਉਣ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ
ਚੰਡੀਗੜ੍ਹ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਪਾਲ ਚੀਮਾ ਵੱਲੋਂ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਚੀਮਾ ਦਾ ਬਿਆਨ ਆਮ ਆਦਮੀ ਪਾਰਟੀ ਦੀ ਬੌਖਲਾਹਟ ਦਾ ਨਤੀਜਾ ਹੈ। ਦਰਅਸਲ ਦਿੱਲੀ ਵਿਚ ਆਮ ਆਦਮੀ ਪਾਰਟੀ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਤੇ 'ਆਪ' ਆਗੂਆਂ ਦੇ ਜੇਲ੍ਹ ਜਾਣ ਕਾਰਨ ਇਹ ਸਭ ਦਹਿਸ਼ਤ ਵਿਚ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਆਗੂ ਹਰ ਰੋਜ਼ ਭ੍ਰਿਸ਼ਟਾਚਾਰ ਦੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਇਨ੍ਹਾਂ ਦੇ ਘੁਟਾਲਿਆਂ ਦੀ ਸੂਚੀ ਬਹੁਤ ਲੰਬੀ ਹੈ ਤੇ ਇਨ੍ਹਾਂ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਦਿੱਲੀ ਦੇ ਰਾਜਪਾਲ ਹਨ, ਜਿਸ ਨੇ ਇਨ੍ਹਾਂ ਸਾਰਿਆਂ ਦੇ ਘੁਟਾਲਿਆਂ ਦੀ ਜਾਂਚ ਦੀ ਮੰਗ ਕੀਤੀ ਸੀ। ਪਹਿਲਾਂ ਦਿੱਲੀ 'ਚ ਆਬਕਾਰੀ ਘੁਟਾਲਾ ਸਾਹਮਣੇ ਆਇਆ, ਫਿਰ ਸਕੂਲ ਘੁਟਾਲਾ, ਫਿਰ ਬੱਸ ਖ਼ਰੀਦ ਘੁਟਾਲਾ ਅਤੇ ਪਤਾ ਨਹੀਂ ਹੁਣ ਹੋਰ ਕਿਹੜੇ-ਕਿਹੜੇ ਘੁਟਾਲਿਆਂ ਦਾ ਪਰਦਾਫਾਸ਼ ਹੋਣਾ ਬਾਕੀ ਹੈ। ਦਿੱਲੀ ਦੇ ਆਬਕਾਰੀ ਘੁਟਾਲੇ ਦਾ ਸੇਕ ਪੰਜਾਬ ਤੱਕ ਵੀ ਪਹੁੰਚ ਗਿਆ ਹੈ ਜਿਸ ਕਾਰਨ 'ਆਪ' ਆਗੂ ਬੁਖਲਾ ਗਏ ਹਨ। ਸ਼ਰਮਾ ਨੇ ਕਿਹਾ ਜੇ ਚੀਮਾ ਦੇ ਦੋਸ਼ਾਂ ਵਿਚ ਕੋਈ ਸੱਚਾਈ ਹੈ ਤਾਂ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕਰਨ, ਜਨਤਾ ਦੇ ਸਾਹਮਣੇ ਝੂਠ ਬੋਲ ਕੇ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਨਾ ਕਰੋ। ਜਨਤਾ ਸਭ ਕੁਝ ਜਾਣਦੀ ਹੈ। ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਤਮਗ਼ਾ ਜੇਤੂ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ, ਵਜ਼ੀਫ਼ਾ ਸਕੀਮ ਕੀਤੀ ਸ਼ੁਰੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੀਮਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਕਾਰਨ ਇਹ ਹੈ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਭਗਵੰਤ ਮਾਨ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਭਗਵੰਤ ਮਾਨ ਵੱਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਵੱਖ-ਵੱਖ ਵਿਆਜ਼ ਦਰਾਂ 'ਤੇ 12,000 ਕਰੋੜ ਤੋਂ ਵੱਧ ਦਾ ਕਰਜ਼ਾ ਲਿਆ ਗਿਆ ਹੈ। ਝੂਠ ਦੀਆਂ ਬੈਸਾਖੀਆਂ ਦੇ ਸਹਾਰੇ ਪੰਜਾਬ ਦੀ ਸੱਤਾ ਹਾਸਲ ਕਰਨ ਵਾਲੇ ਭਗਵੰਤ ਮਾਨ ਨੂੰ ਪੰਜਾਬ ਵਿੱਚ ਸਰਕਾਰ ਚਲਾਉਣੀ ਔਖੀ ਲੱਗ ਰਹੀ ਹੈ, ਕਿਉਂਕਿ ਜਨਤਾ ਉਹਨਾਂ ਤੋਂ ਜਵਾਬ ਮੰਗਦੀ ਹੈ। -PTC News