ਮੁੱਖ ਮੰਤਰੀ ਵੱਲੋਂ ਐੱਸਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਆੜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਕੋਈ ਵੀ ਵਿਦਿਅਕ ਅਦਾਰਾ ਕਿਸੇ ਵਿਦਿਆਰਥੀ ਦੀ ਡਿਗਰੀ ਨਾ ਰੋਕੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਡਿਗਰੀਆਂ ਰੋਕ ਕੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਅਜਿਹਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਹੰਕਾਰੀ ਵਤੀਰਾ ਅਪਣਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਨਹੀਂ ਬੈਠੇਗੀ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ ਤੇ ਪ੍ਰੇਸ਼ਾਨ ਨਹੀਂ ਹੋਣ ਦੇਵੇਗੀ। ਇਹ ਵੀ ਪੜ੍ਹੋ : ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ