ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਲਕੇ ਦੌਰੇ ਦੌਰਾਨ ਚੰਡੀਗੜ੍ਹ ਦਾ ਮੁੱਦਾ ਉਹਨਾਂ ਕੋਲ ਚੁੱਕਣ ਪੰਜਾਬ ਦੇ ਮੁੱਖ ਮੰਤਰੀ: ਅਕਾਲੀ ਦਲ
ਚੰਡੀਗੜ੍ਹ, 29 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਲਕੇ 30 ਜੁਲਾਈ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਉਹਨਾਂ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੇ ਬਿਆਨ ’ਤੇ ਲਿਖਤੀ ਰੋਸ ਦਰਜ ਕਰਵਾਉਣ ਤੇ ਉਹਨਾਂ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਆਖਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲਈ ਇਹ ਢੁਕਵਾਂ ਮੌਕਾ ਹੈ ਜਦੋਂ ਉਹ ਸ਼ਾਹ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੇ ਬਿਆਨ ’ਤੇ ਰੋਸ ਜ਼ਾਹਰ ਕਰਦਿਆਂ ਇਹ ਬਿਆਨ ਵਾਪਸ ਲੈਣ ਦੀ ਮੰਗ ਕਰਨ। ਉਹਨਾਂ ਕਿਹਾ ਕਿ ਇਸੇ ਤਰੀਕੇ ਭਗਵੰਤ ਮਾਨ ਨੂੰ ਵੀ ਆਪਣਾ ਉਹ ਬਿਆਨ ਵਾਪਸ ਲੈਣਾ ਚਾਹੀਦਾ ਹੈ ਜੋ ਉਹਨਾਂ ਨੇ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਦਿੱਤਾ ਤੇ ਪੰਜਾਬ ਲਈ ਵੀ ਥਾਂ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਕੋਈ ਬੰਦਾ ਉਸ ਜ਼ਮੀਨ ਵਿਚੋਂ ਪਲਾਟ ਕਿਵੇਂ ਮੰਗ ਸਕਦਾ ਹੈ ਜੋ ਉਸਦੀ ਆਪਣੀ ਹੋਵੇ। ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੈਮੋਰੰਡਮ ਦੇ ਕੇ ਰੋਸ ਜ਼ਾਹਰ ਕਰ ਚੁੱਕਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਪ੍ਰਤੀ ਵਚਨਬੱਧ ਹੈ ਤੇ ਉਹ ਕੇਂਦਰ ਸਰਕਾਰ ਨੂੰ ਹਰਿਆਣਾ ਨੂੰ ਥਾਂ ਨਹੀਂ ਦੇਣ ਦੇਵੇਗਾ ਤੇ ਹੁਣ ਆਪ ਸਰਕਾਰ ਨੂੰ ਵੀ ਲਗਾਤਾਰ ਸੂਬੇ ਦੇ ਲੋਕਾਂ ਨੂੰ ਧੋਖਾ ਦੇਣ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਦੀ ਜ਼ਿੰਮੇਵਾਰੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਤੀ ਰੋਸ ਪੱਤਰ ਦੇਣ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੁੰ ਚੰਡੀਗੜ੍ਹ ਦੇ ਮਾਮਲੇ ’ਤੇ ਪੰਜਾਬੀਆਂ ਦੇ ਸਟੈਂਡ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮਾਮਲੇ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਬਦਲਣ ਦੇ ਯਤਨਾਂ ਦਾ ਵੀ ਵਿਰੋਧ ਕਰਨਾ ਚਾਹੀਦਾ ਹੈ ਤੇ ਸ਼ਾਹ ਨੂੰ ਸਪਸ਼ਟ ਦੱਸ ਦੇਣਾ ਚਾਹੀਦਾ ਹੈ ਕਿ ਪੰਜਾਬ ਅਜਿਹਾ ਕਦੇ ਨਹੀਂ ਹੋਣ ਦੇਵੇਗਾ। ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੇ ਬਿਮਾਰ ਹੋਣ ਸਬੰਧੀ ਸੰਤ ਸੀਚੇਵਾਲ ਦਾ ਆਇਆ ਵੱਡਾ ਬਿਆਨ -PTC News