ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ:ਪੰਜਾਬ ਸਰਕਾਰ ਨੇ ਦੂਜੇ ਰਾਜਾਂ ਤੋਂ ਸਸਤੇ ਭਾਅ 'ਤੇ ਕਣਕ ਖਰੀਦ ਕੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਲਈ ਹੈ ਨਾ ਕਿ ਉਨ੍ਹਾਂ ਵਪਾਰੀਆਂ ਲਈ ਜੋ ਪਹਿਲਾਂ ਕਿਸਾਨਾਂ ਦਾ ਅਨਾਜ ਮਹਿੰਗੇ ਭਾਅ 'ਤੇ ਖਰੀਦ ਕੇ ਫਿਰ ਮੰਡੀ 'ਚ ਵੇਚ ਕੇ ਮੋਟਾ ਮੁਨਾਫਾ ਕਮਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਫੰਡਾਂ ਅਤੇ ਟੈਕਸਦਾਤਾਵਾਂ ਦੇ ਪੈਸੇ ਦੀ ਸੰਗਠਿਤ ਲੁੱਟ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੁਲਿਸ ਡਾਇਰੈਕਟਰ ਜਨਰਲ ਨੂੰ ਪੰਜਾਬ ਦੀ ਸਰਹੱਦ 'ਤੇ ਚੈਕ ਪੋਸਟਾਂ ਲਗਾਉਣ ਅਤੇ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਕਣਕ ਨਾਲ ਭਰੇ ਟਰੱਕਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਬੇਈਮਾਨ ਤੱਤ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ, ਗੈਰ ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਕਣਕ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ। ਆਗਾਮੀ ਕਣਕ ਦੇ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ 2300 ਤੋਂ ਵੱਧ ਮੰਡੀਆਂ 1 ਅਪ੍ਰੈਲ ਤੋਂ ਕਿਸਾਨਾਂ ਦੀ ਆਮਦ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਮਿਲਿਆ ਹੈ ਅਤੇ ਆਵਾਜਾਈ ਅਤੇ ਲੇਬਰ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਪੱਕਾ ਅਨਾਜ ਮੰਡੀ ਵਿੱਚ ਪਹੁੰਚਾਉਣ ਤਾਂ ਜੋ ਖਰੀਦ ਤੋਂ ਪਹਿਲਾਂ ਇਸ ਨੂੰ ਸੁਕਾਉਣ ਵਿੱਚ ਸਮਾਂ ਬਰਬਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਵੀ ਪੜ੍ਹੋ:1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ: ਡੀਸੀ -PTC News