ਕਾਂਗਰਸ ਹਾਈਕਮਾਨ ਹੋਈ ਸਖ਼ਤ, ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਅਨੁਸ਼ਾਸਨਹੀਣਤਾ 'ਤੇ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ। ਹਾਲ ਹੀ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਪਾਰਟੀ ਅਨੁਸ਼ਾਸਨੀ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਦਰਜ ਸ਼ਿਕਾਇਤਾਂ ਦੀ ਸੁਣਵਾਈ ਤੋਂ ਬਾਅਦ ਇਹ ਕਾਰਵਾਈ ਕੀਤੀ। ਜਾਖੜ ਨੂੰ ਇੱਕ ਹਫ਼ਤੇ ਵਿੱਚ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ। ਜਾਖੜ ਦੇ ਜਵਾਬ ਤੋਂ ਬਾਅਦ ਹਾਈਕਮਾਂਡ ਉਨ੍ਹਾਂ ਖਿਲਾਫ ਕਾਰਵਾਈ ਦਾ ਫੈਸਲਾ ਲਵੇਗੀ। ਕਾਂਗਰਸ ਪਾਰਟੀ ਦੇ ਸੂਤਰਾਂ ਅਨੁਸਾਰ ਚੋਣਾਂ ਤੋਂ ਪਹਿਲਾਂ ਅਤੇ ਇਸ ਦੌਰਾਨ ਕੀਤੇ ਗਏ ਸਾਰੇ ਟਵੀਟਾਂ, ਬਿਆਨਾਂ ਅਤੇ ਇੰਟਰਵਿਊਆਂ ਵਿਚ ਜਾਖੜ ਨੇ ਕਾਂਗਰਸ ਜਾਂ ਇਸ ਦੇ ਆਗੂਆਂ ਖਿਲਾਫ ਕੀ ਕਿਹਾ ਹੈ, ਇਸ ਦਾ ਪੂਰਾ ਰਿਕਾਰਡ ਇਕੱਠਾ ਕੀਤਾ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਵੀ ਜਾਂਚ ਕਰਵਾਈ ਸੀ ਕਿ ਜਿਹੜੀਆਂ ਸ਼ਿਕਾਇਤਾਂ ਆਈਆਂ ਹਨ, ਉਨ੍ਹਾਂ ਵਿੱਚ ਕਿੰਨੀ ਸੱਚਾਈ ਹੈ। ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਕਾਂਗਰਸ ਵਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਏਕੇ ਐਂਟਨੀ, ਤਾਰਿਕ ਅਨਵਰ, ਜੇਪੀ ਅਗਰਵਾਲ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਕੇਂਦਰੀ ਮੰਤਰੀ ਕੇਵੀ ਥਾਮਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਵੀ ਪੜ੍ਹੋ: ਕੋਰੋਨਾ ਫਿਰ ਲੱਗਾ ਡਰਾਉਣ: ਸਕੂਲ 'ਚ ਮਿਲੇ ਕੋਰੋਨਾ ਪਾਜ਼ੇਟਿਵ ਬੱਚੇ, ਆਫਲਾਈਨ ਕਲਾਸਾਂ ਬੰਦ ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਕੇ ਸਖਤ ਸੰਕੇਤ ਦਿੱਤੇ ਹਨ। ਧੀਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ 'ਤੇ ਟਿੱਪਣੀ ਕੀਤੀ ਸੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਾਈਕਮਾਂਡ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਸੀ। ਜਾਖੜ ਦੀ ਅਸ਼ਲੀਲ ਟਿੱਪਣੀ ਕਾਰਨ ਪੰਜਾਬ ਭਰ ਦੇ ਐਸਸੀ ਭਾਈਚਾਰੇ ਵਿੱਚ ਜਾਖੜ ਖਿਲਾਫ ਰੋਸ ਪਾਇਆ ਜਾ ਰਿਹਾ ਹੈ। -PTC News