ਈਡੀ ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਰੋਸ ਵਜੋਂ ਕਾਂਗਰਸੀ ਵਰਕਰਾਂ ਕੀਤਾ ਰੋਸ ਮੁਜ਼ਾਹਰਾ
ਚੰਡੀਗੜ੍ਹ : ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਨਫੋਰਸਮੈਂਟ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਵਰਕਰਾਂ ਵੱਲੋਂ ਜਲੰਧਰ, ਲੁਧਿਆਣਾ, ਚੰਡੀਗੜ੍ਹ ਤੇ ਹੋਰ ਸ਼ਹਿਰਾਂ ਵਿੱਚ ਰੋਸ ਵਿਖਾਵਾ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਲੰਧਰ ਵਿਖੇ ਕੇਂਦਰ ਸਰਕਾਰ ਖਿਲਾਫ਼ ਈਡੀ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਬਰਿੰਦਰ ਢਿੱਲੋਂ ਦੀ ਅਗਵਾਈ ਚ ਯੂਥ ਕਾਂਗਰਸ ਕਾਰਕੁੰਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸ ਕਾਰਕੁੰਨਾਂ ਨੇ ਈਡੀ ਦਫ਼ਤਰ ਦੇ ਬੋਰਡ ਉਤੇ ਕਾਲਖ ਮਲ਼ਣ ਦੀ ਕੋਸ਼ਿਸ਼ ਵੀ ਕੀਤੀ। ਈਡੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਅੱਜ ਜਲੰਧਰ ਵਿੱਚ ਈਡੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਬਰਿੰਦਰ ਢਿੱਲੋਂ ਨੇ ਤੋਤਿਆਂ ਨੂੰ ਆਜ਼ਾਦ ਕੀਤਾ। ਪ੍ਰਦਰਸ਼ਨ ਕਰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਇਹ ਸਰਕਾਰੀ ਅਦਾਰੇ ਅੱਜ ਦੇ ਸਮੇਂ ਵਿੱਚ ਮੋਦੀ ਸਰਕਾਰ ਦੇ ਤੋਤੇ ਬਣਕੇ ਕੰਮ ਕਰ ਰਹੇ ਹਨ। ਬਰਿੰਦਰ ਢਿੱਲੋਂ ਨੇ ਕਿਹਾ ਅੱਜ ਲੋਕਤੰਤਰ ਖ਼ਤਰੇ ਵਿਚ ਹੈ ਅਤੇ ਇਸ ਨੂੰ ਬਚਾਉਣ ਲਈ ਇਨ੍ਹਾਂ ਸਰਕਾਰੀ ਅਦਾਰਿਆਂ ਨੂੰ ਬਚਾਉਣਾ ਪਏਗਾ। ਇਸ ਲਈ ਅੱਜ ਲੋੜ ਹੈ ਕਿ ਇਨ੍ਹਾਂ ਤੋਤਿਆਂ ਨੂੰ ਕੇਂਦਰ ਦੀ ਗ਼ੁਲਾਮੀ ਤੋਂ ਆਜ਼ਾਦ ਕਰਵਾਇਆ ਜਾਵੇ ਤਾਂ ਜੋ ਉਹ ਆਜ਼ਾਦੀ ਨਾਲ ਕੰਮ ਕਰਨ ਅਤੇ ਲੋਕਾਂ ਦਾ ਵਿਸ਼ਵਾਸ ਵੀ ਇਨ੍ਹਾਂ ਉੱਤੇ ਬਣਿਆ ਰਹੇ। ਈਡੀ ਦਫ਼ਤਰ ਅੱਗੇ ਧਰਨਾ ਦਿੰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਈਡੀ ਨੂੰ ਵਰਤ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਤੇ ਇਨ੍ਹਾਂ ਤਾਕਤਾਂ ਦਾ ਡਟ ਕੇ ਵਿਰੋਧ ਕਰੇਗੀ। ਢਿੱਲੋਂ ਨੇ ਅੱਗੇ ਕਿਹਾ ਕਿ ਉਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਨਾਲ ਹੋ ਰਹੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਤਾਨਾਸ਼ਾਹ ਸਰਕਾਰ ਸੱਚ ਨੂੰ ਦਬਾਅ ਨਹੀਂ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਛੁਪਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੇਸ਼ 'ਚ ਮਹਿੰਗਾਈ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ ਅਤੇ ਦੇਸ਼ ਪਛੜਦਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਸਿੱਪੀ ਸਿੱਧੂ ਕਤਲ ਕਾਂਡ ; ਜਸਟਿਸ ਅਨੂਪ ਚਿਤਕਾਰਾ ਨੇ ਦੋਵੇਂ ਧਿਰਾਂ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ