ਮੁੜ ਭਖਿਆ ਚੰਡੀਗੜ੍ਹ ਦਾ ਵਿਵਾਦ, CM ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਸਬੰਧੀ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਪਹਿਲਾਂ ਵੀ ਕਈ ਪ੍ਰਸਤਾਵ ਪਾਸ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਉਤੇ ਹਰਿਆਣਾ ਦਾ ਵੀ ਹੱਕ ਹੈ। 60 ਤੇ 40 ਅਨੁਪਾਤ ਉਤੇ ਚੰਡੀਗੜ੍ਹ ਦਾ ਬਟਵਾਰਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਹਰਿਆਣਾ ਤੇ ਪੰਜਾਬ ਦੀ ਰਾਜਧਾਨੀ ਰਹੇਗਾ। ਇਸ ਤਰ੍ਹਾਂ ਦੇ ਮਤਾ ਪਾਸ ਕਰਨਾ ਗਲਤ ਹੈ। ਇਕ ਪਾਸੜ ਮਤਾ ਲਿਆਉਣਾ ਬੇਇਮਾਨੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਦੀ ਅਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਪ੍ਰਸਤਾਵ ਹੈ। ਅਭੈ ਸਿੰਘ ਚੌਟਾਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ, ਜਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਪ੍ਰਧਾਨ ਮੰਤਰੀ ਨੂੰ ਮਿਲ ਕੇ ਐਸਵਾਈਐਲ ਉਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਾ ਚਾਹੀਦਾ ਅਤੇ ਨਾਲ ਹੀ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਣ ਬੁਲਾ ਕੇ ਹਰਿਆਣਾ ਦੇ ਹਿੱਤਾਂ ਲਈ ਚੰਡੀਗੜ੍ਹ ਅਤੇ ਐਸਵਾਈਐਲ ਉਤੇ ਇਕ ਪ੍ਰਸਤਾਵ ਪਾਸ ਕਰਨਾ ਚਾਹੀਦਾ ਕਿ ਚੰਡੀਗੜ੍ਹ ਮੁੱਦੇ ਉਤੇ ਸ਼ਾਹ ਕਮਿਸ਼ਨ ਦੀ ਰਿਪੋਰਟ ਅਤੇ ਐਸਵਾਈਐਲ ਉਤੇ ਸੁਪਰੀਮ ਕੋਰਟ ਦਾ ਫ਼ੈਸਲਾ ਜੋ ਹਰਿਆਣਾ ਦੇ ਪੱਖ ਵਿੱਚ ਆਇਆ ਹੋਇਆ ਹੈ, ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਦੇ ਮੁਲਾਜ਼ਮ ਉਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫੀ ਹਲਚਲ ਮਚ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਇਕਸੁਰ ਵਿੱਚ ਇਸ ਫ਼ੈਸਲੇ ਦਾ ਵਿਰੋਧ ਕਰ ਰਹੀਆਂ ਹਨ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ ਜਾਣ ਬਾਰੇ ਮਤਾ ਲਿਆਂਦਾ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੇ ਇਸ ਦੀ ਹਮਾਇਤ ਕੀਤੀ ਅਤੇ ਸਰਬਸੰਮਤੀ ਨਾਲ ਇਹ ਮਤਾ ਪਾਸ ਹੋ ਗਿਆ। ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਦਿਨ-ਦਿਹਾੜੇ ਹੋਈ ਲੁੱਟ