ਡੀਸੀ ਸਾਕਸ਼ੀ ਸਾਹਨੀ ਵੱਲੋਂ ਹੈਜ਼ੇ ਦੀ ਲਪੇਟ 'ਚ ਆਏ ਪਿੰਡ ਸ਼ਾਮਦੂ ਕੈਂਪ ਦਾ ਦੌਰਾ
ਪਟਿਆਲਾ : ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਾਜਪੁਰਾ ਦੇ ਪਿੰਡ ਸ਼ਾਮਦੂ ਕੈਂਪ ਦਾ ਦੌਰਾ ਕੀਤਾ ਗਿਆ। ਬੀਤੇ ਦਿਨੀਂ ਸ਼ਾਮ ਨੂੰ ਕੈਂਪ ਵਿੱਚ ਡਾਇਰੀਆ ਦੀ ਸ਼ਿਕਾਇਤ ਦੇ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਰਾਜਪੁਰਾ ਦੇ ਏਪੀ ਜੈਨ ਹਸਪਤਾਲ ਵਿਖੇ 50 ਦੇ ਕਰੀਬ ਮਰੀਜ਼ ਦਾਖ਼ਲ ਹਨ ਜਦਕਿ ਕਾਲੋਮਾਜਰਾ ਸਿਹਤ ਸੈਂਟਰ ਵਿਚ ਵੀ 30 ਦੇ ਕਰੀਬ ਮਰੀਜ਼ ਦਾਖ਼ਲ ਕੀਤੇ ਗਏ ਹਨ। ਕੁੱਲ ਮਿਲਾ ਕੇ 100 ਦੇ ਕਰੀਬ ਮਰੀਜ਼ਾਂ ਨੂੰ ਡਾਇਰੀਆ ਦੀ ਸ਼ਿਕਾਇਤ ਸਾਹਮਣੇ ਆਈ ਹੈ। ਪਟਿਆਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਾਮਦੂ ਕੈਂਪ ਦਾ ਦੌਰਾ ਕਰਕੇ ਜਾਇਜ਼ਾ ਲਿਆ ਤੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਕਿ ਸ਼ਾਮਦੂ ਕੈਂਪ ਵਿਚ ਗੰਦਗੀ ਹਟਾ ਕਿ ਪੀਣ ਵਾਲੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ। ਸਾਕਸ਼ੀ ਸਾਹਨੀ ਨੇ ਇੱਥੇ ਐਲਾਨ ਕੀਤਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਡਾ. ਰਾਜੂ ਧੀਰ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਪਿੰਡ ਵਿੱਚ ਹਫ਼ਤੇ ਭਰ ਲਈ ਆਰਜ਼ੀ ਡਿਸਪੈਂਸਰੀ ਵੀ ਸਥਾਪਤ ਕਰ ਦਿੱਤੀ ਗਈ ਹੈ। ਸਾਕਸ਼ੀ ਸਾਹਨੀ ਨੇ ਇਹ ਵੀ ਆਖਿਆ ਕਿ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮ੍ਰਿਤਕ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਵੀ ਜਾਰੀ ਕਰੇਗੀ। ਜ਼ਿਕਰਯੋਗ ਹੈ ਕਿ ਰਾਜਪੁਰਾ ਨੇੜਲੇ ਪਿੰਡ ਸ਼ਾਮਦੂ ਕੈਂਪ ਵਿੱਚ ਦਸਤ ਲੱਗਣ ਕਾਰਨ ਦੋ ਬੱਚਿਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਹੈਜ਼ੇ ਕਾਰਨ ਮਰਨ ਵਾਲਿਆਂ 'ਚ ਤਿੰਨ ਸਾਲ ਦੀ ਬੱਚੀ ਸਿਮਰਨ, ਦੋ ਸਾਲਾ ਸਤਿਅਮ ਸ਼ਾਮਿਲ ਹਨ। ਇਸ ਦੇ ਨਾਲ ਹੀ ਇਲਾਕੇ ਦੇ ਦੋ ਦਰਜਨ ਤੋਂ ਵੱਧ ਲੋਕ ਬਿਮਾਰ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਹੈਜ਼ੇ ਦੇ ਪ੍ਰਕੋਪ ਦੀ ਸੂਚਨਾ ਮਿਲਦੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡ ਵਿੱਚ ਪਹੁੰਚ ਕੇ ਘਰ-ਘਰ ਜਾ ਕੇ ਸਰਵੇ ਕੀਤਾ ਤੇ ਦਵਾਈਆਂ ਦੇਣ ਤੋਂ ਇਲਾਵਾ ਸਾਵਧਾਨੀਆਂ ਵਰਤਣ ਦੇ ਆਦੇਸ਼ ਦਿੱਤੇ। ਇਹ ਵੀ ਪੜ੍ਹੋ : ਰਾਜਪੁਰਾ 'ਚ 2 ਬੱਚਿਆਂ ਦੀ ਡਾਇਰੀਆ ਕਾਰਨ ਹੋਈ ਮੌਤ