ਤਨਖਾਹਾਂ ਸੋਧਣ ਦੇ ਅੰਕ 'ਤੇ ਬਣਿਆ ਡੈੱਡਲਾਕ, ਮਨਪ੍ਰੀਤ ਬਾਦਲ ਮੀਟਿੰਗ 'ਚੋਂ ਰਹੇ ਗੈਰ-ਹਾਜ਼ਰ
ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ (Employees and Pensioners Joint Front ) ਦੀ ਪੰਜਾਬ ਸਰਕਾਰ (Government Of Punjab) ਨਾਲ ਮੀਟਿੰਗ ਹੋਈ, ਜਿਸ ਦੌਰਾਨ ਤਨਖਾਹਾਂ ਸੋਧਣ ਦੇ ਅੰਕ 'ਤੇ ਡੈੱਡਲਾਕ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਸਬ ਕਮੇਟੀ ਮੁਲਾਜ਼ਮਾਂ ਨਾਲ 3 ਅਗਸਤ ਨੂੰ ਮੁੜ ਮੀਟਿੰਗ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ ਮੁਲਾਜ਼ਮ ਆਗੂ ਤਨਖਾਹਾਂ 2.25 ਤੇ 2.59 ਦੀ ਥਾਂ 3.74 ਅੰਕ ਨਾਲ ਸੋਧਣ ਦੀ ਮੰਗ ਕਰ ਰਹੇ ਹਨ। ਪਰ ਸਰਕਾਰ 3.74 ਅੰਕ ਨੂੰ ਮੰਨਣ ਤੋਂ ਇਨਕਾਰ ਕਰ ਰਹੀ ਹੈ। ਉਧਰ ਦੂਜੇ ਪਾਸੇ ਸਰਕਾਰ ਦੇ ਮੰਤਰੀਆਂ ਨੇ ਮੁਲਾਜ਼ਮ ਆਗੂਆਂ ਨੂੰ ਇਸ ਮੰਗ 'ਤੇ ਹੋਰ ਵਿਚਾਰ ਕਰਨ ਲਈ ਕਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਰਕਾਰ 2.71 ਅੰਕ ਦੇ ਅਧਾਰ ‘ਤੇ ਤਨਖਾਹਾਂ ਮਿਥਣ ਉਪਰ ਦੇ ਸਹਿਮਤੀ ਸਕਦੀ ਹੈ।
ਹੋਰ ਪੜ੍ਹੋ: CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਇਸ ਤਰਾਂ ਚੈੱਕ ਕਰ ਸਕਦੇ ਹੋ ਰਿਜ਼ਲਟ
ਮੁਲਾਜ਼ਮਾਂ ਨਾਲ ਹੋਈ ਮੀਟਿੰਗ 'ਚ ਪੰਜਾਬ ਭਵਨ ਵਿਚ 4 ਮੰਤਰੀ ਹੀ ਸ਼ਾਮਿਲ ਰਹੇ। ਮੰਤਰੀ ਬ੍ਰਹਮ ਮਹਿੰਦਰਾ, ਬਲਬੀਰ ਸਿੱਧੂ, ਓ ਪੀ ਸੋਨੀ ਅਤੇ ਸਾਧੂ ਸਿੰਘ ਧਰਮਸੋਤ ਮੀਟਿੰਗ ਵਿਚ ਸ਼ਾਮਲ ਹਨ। ਸੂਤਰਾਂ ਅਨੁਸਾਰ ਵਿੱਤ ਮੰਤਰੀ ਦੇ ਮੀਟਿੰਗਾਂ ਵਿਚ ਸ਼ਾਮਲ ਨਾ ਹੋਣ ਕਾਰਨ ਸਰਕਾਰੀ ਪੱਧਰ ‘ਤੇ ਵੀ ਸਵਾਲ ਉਠ ਰਹੇ ਹਨ।
ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ‘ਤੇ ਕੇਂਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ ਕੋਨੇ ‘ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵੱਲੋਂ ਸਥਾਨਕ ਅਨਾਜ਼ ਮੰਡੀ ਵਿੱਚ ਵਿਸ਼ਾਲ ‘ਹੱਲਾ ਬੋਲ-ਮਹਾਂ ਰੈਲੀ’ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਤੇ ਜੰਮ ਕੇ ਮੁਜ਼ਾਹਰਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ।
-PTC News