ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਪਿੱਛੋਂ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ 'ਤੇ ਫ਼ੈਸਲਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਉਤੇ ਫੈਸਲਾ ਲੈਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਪਾਰਟੀ ਮੁੱਖ ਦਫ਼ਤਰ ਵਿਖੇ ਹੋਈ। ਇਸ ਵਿੱਚ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸਰਵਣ ਸਿੰਘ ਫਿਲੌਰ ਤੇ ਸੁਖਵਿੰਦਰ ਸਿੰਘ ਔਲਖ਼ ਸ਼ਾਮਿਲ ਸਨ। ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜਸਟਿਸ ਨਿਰਮਲ ਸਿੰਘ ਨੇ ਦੱਸਿਆ ਕਿ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਉਤੇ ਕਾਫ਼ੀ ਸਮਾਂ ਵਿਚਾਰ-ਵਟਾਂਦਰਾ ਕੀਤਾ ਗਿਆ ਪਰ ਇਸ ਉਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਪ੍ਰੈਲ ਮਹੀਨੇ ਦੇ ਪਹਿਲੇ ਜਾਂ ਦੂਜੇ ਹਫ਼ਤੇ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਸਰਬਸੰਮਤੀ ਨਾਲ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਉਤੇ ਫ਼ੈਸਲਾ ਕੀਤਾ ਜਾਵੇਗਾ। ਜਸਟਿਸ ਨਿਰਮਲ ਸਿੰਘ ਦੇ ਦੱਸਿਆ ਕਿ ਵਿਧਾਨ ਸਭਾ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਲਈ ਬੀਤੇ ਸਮੇਂ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ ਸੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਗਿਆ ਸੀ ਪਰ ਆਗੂਆਂ ਵੱਲੋਂ ਢੀਂਡਸਾ ਦੀ ਕਾਰਗੁਜ਼ਾਰੀ ਉਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਅਸਤੀਫ਼ਾ ਨਾ ਦੇਣ ਲਈ ਕਿਹਾ ਗਿਆ। ਇਸ ਦੌਰਾਨ ਢੀਂਡਸਾ ਦੇ ਅਸਤੀਫ਼ੇ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਦਬਾਅ ਵਧਣ ਤੋਂ ਬਾਅਦ ਇਸ ਸਬੰਧ ਵਿੱਚ ਫੈਸਲਾ ਲੈਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਹ ਵੀ ਪੜ੍ਹੋ : ਦਲਿਤ ਮਹਿਲਾ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਪੁਲਿਸ ਜਾਂਚ 'ਚ ਜੁਟੀ