ਨਵਜੋਤ ਸਿੱਧੂ ਖ਼ਿਲਾਫ਼ ਡੀਐਸਪੀ ਵੱਲੋਂ ਦਾਇਰ ਮਾਣਹਾਨੀ ਦੀ ਪਟੀਸ਼ਨ ਖਾਰਜ
ਚੰਡੀਗੜ੍ਹ, 16 ਅਗਸਤ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਫਰਵਰੀ 2022 ਵਿੱਚ ਸਿੱਧੂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਿੱਧੂ ਨੇ ਕਥਿਤ ਤੌਰ 'ਤੇ ਪੁਲਿਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਿੱਧੂ ਨੇ ਇਹ ਕਥਿਤ ਟਿੱਪਣੀਆਂ 18 ਦਸੰਬਰ 2021 ਨੂੰ ਸੁਲਤਾਨਪੁਰ ਲੋਧੀ ਵਿਖੇ ਰੈਲੀ ਦੌਰਾਨ ਕੀਤੀਆਂ ਸਨ। ਡੀਐਸਪੀ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਨੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਦਾ ਹਵਾਲਾ ਦਿੰਦੇ ਹੋਏ ਕਥਿਤ ਤੌਰ 'ਤੇ ਕਿਹਾ ਕਿ ਉਹ "ਥਾਣੇਦਾਰ ਨੂੰ ਖੰਗਾਰਾ ਮਾਰੇ ਪੈਂਟ ਗਿੱਲੀ ਕਰ ਦਿੰਦਾ"। ਉਸ ਵੇਲੇ ਚੰਦੇਲ ਦੀ ਉਕਤ ਦਾਅਵੇ ਕਰਦਿਆਂ ਦੀ ਵੀਡੀਓ ਵੀ ਵਾਇਰਲ ਗਈ ਸੀ। ਹਾਸਿਲ ਜਾਣਕਾਰੀ ਮੁਤਾਬਕ 27 ਦਸੰਬਰ 2021 ਨੂੰ ਡੀਐਸਪੀ ਨੇ ਸਿੱਧੂ ਵਿਰੁੱਧ ਟਿੱਪਣੀ ਲਈ ਉਸਨੂੰ ਜਨਤਕ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ ਸੀ ਪਰ ਸਿੱਧੂ ਨੇ ਆਪਣੀਆਂ ਟਿੱਪਣੀਆਂ ਲਈ ਮੁਆਫ਼ੀ ਨਹੀਂ ਮੰਗੀ। ਡੀਐਸਪੀ ਦਾ ਕਹਿਣਾ ਸੀ ਕਿ ਸਿੱਧੂ ਵੱਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ ਨੇ ਪੁਲਿਸ ਫੋਰਸ ਦੇ ਮਨੋਬਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਫੋਰਸ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਦਾਗ ਲਾਇਆ ਗਿਆ ਹੈ। ਦੱਸਣਯੋਗ ਹੈ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਕੇਸ ਦੇ ਸਬੰਧ ਵਿੱਚ ਸ਼ਿਕਾਇਤਕਰਤਾ ਨੂੰ ਕਈ ਵਾਰ ਬੁਲਾਇਆ ਗਿਆ ਪਰ ਜਦੋਂ ਅੱਜ ਵੀ ਉਨ੍ਹਾਂ ਦੀ ਤਰਫੋਂ ਕੋਈ ਨਹੀਂ ਆਇਆ ਤਾਂ ਕੇਸ ਨੂੰ ਖਾਰਜ ਕਰ ਦਿੱਤਾ ਗਿਆ। ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਨ 24 ਅਗਸਤ ਨੂੰ -PTC News